ਲੁਧਿਆਣਾ, 3 ਅਗਸਤ ( ਰਿਤੇਸ਼ ਭੱਟ, ਅਸ਼ਵਨੀ)-ਲੁਧਿਆਣਾ ਦੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫ਼ਤਰ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਤਕਰੀਬਨ 31 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਕਈ ਮੁੱਦਿਆਂ ਉਤੇ ਵਿਚਾਰ ਕੀਤੇ ਗਏ।ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ ਤੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਰਾਏ ਵੀ ਸ਼ਾਮਲ ਹੋਏ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ 18,19 ਤੇ 20 ਅਗਸਤ ਨੂੰ ਲਖੀਮਪੁਰ ਖੀਰੀ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦੁਆਉਣ ਲਈ ਧਰਨੇ ਲਾਏ ਜਾਣਗੇ ਤੇ ਕਿਸਾਨਾਂ ਦੇ ਉੱਤੇ ਦਰਜ ਕੀਤੇ ਪਰਚੇ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ।ਉਨ੍ਹਾਂ ਕਿਹਾ ਲਖੀਮਪੁਰ ਖੀਰੀ ਦੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂਆਂ ਨੇ ਇਹ ਵੀ ਆਖਿਆ ਕਿ ਪੰਜਾਬ ਸਰਕਾਰ ਐਮਐਸਪੀ ਉਤੇ ਜਿਹੜੀ ਵੀ ਕਮੇਟੀ ਬਣਾਏ ਉਸ ਵਿੱਚ ਸੰਯੁਕਤ ਕਿਸਾਨ ਮੋਰਚੇ ‘ਚੋਂ ਹੀ ਮੈਂਬਰ ਸ਼ਾਮਲ ਕੀਤੇ ਜਾਣ। ਅਗਨੀਪਥ ਸਕੀਮ ਨੂੰ ਲੈ ਕੇ ਵੀ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਆਖਿਆ ਕਿ 16 ਤਰੀਕ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।ਦੂਜੇ ਪਾਸੇ ਸੰਯੁਕਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕੀ ਲੁਧਿਆਣੇ ਦੇ ਬੁੱਢੇ ਨਾਲੇ ਦਾ ਗੰਦਾ ਪਾਣੀ ਸਤਲੁਜ ਦਰਿਆ ਵਿੱਚ ਲਗਾਤਾਰ ਡਿੱਗਦਾ ਜਾ ਰਿਹਾ। ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਦੇ ਪਿੰਡ ਬਲੀਪੁਰ ਵਿੱਚ ਸਤਲੁਜ ਦਰਿਆ ਦੇ ਕੰਢੇ 14 ਅਗਸਤ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ।
