ਚੰਡੀਗੜ੍ਹ: 8 ਅਗਸਤ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 11 ਅਗਸਤ ਦਿਨ ਵੀਰਵਾਰ ਨੂੰ ਸਵੇਰੇ 11.30 ਵਜੇ ਕਮੇਟੀ ਕਮਰਾ, ਪੰਜਾਬ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ।ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਵਿਚਾਰ ਕੀਤੀ ਜਾਵੇਗੀ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵੀ ਚਰਚਾ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਨੇ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਹੈ। ਬਿਜਲੀ ਸੋਧ ਬਿੱਲ ਨੂੰ ਲੈ ਕੇ ਕੈਬਨਿਟ ਵਿੱਚ ਵਿਚਾਰ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉਤੇ ਇਕ ਹੋਰ ਡਾਕਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਬਿਜਲੀ ਸੋਧ ਬਿੱਲ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਦੇ ਖਿਲਾਫ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਸੈਕਟਰ ਨਾਲ ਸਬੰਧਤ ਕੋਈ ਵੀ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਪਰ ਉਸ ਨੇ ਇਸ ਗੱਲ ਦੀ ਭੋਰਾ ਪ੍ਰਵਾਹ ਨਹੀਂ ਕੀਤੀ ਜੋ ਸਿੱਧੇ ਤੌਰ ਉਤੇ ਸੰਘੀ ਢਾਂਚੇ ‘ਤੇ ਹਮਲਾ ਹੈ।