ਚੰਡੀਗੜ੍ਹ, 14 ਅਗਸਤ: ( ਰਾਜੇਸ਼ ਜੈਨ) –
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ‘ਤੇ ਹਮਦਰਦੀ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
ਪੰਜਾਬ ਭਵਨ ਵਿਖੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ। ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਦੀ ਨੀਤੀ ਬਿਨਾਂ ਪੱਖਪਾਤ ਸਭ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਰਾਹਤ ਦੇਣ ਲਈ ਹੀ ਸਰਕਾਰ ਨੇ ਹਾਲ ਹੀ ਵਿੱਚ ਐਮਨੈਸਟੀ ਸਕੀਮ ਸ਼ੁਰੂ ਕੀਤੀ ਸੀ।
ਮੰਤਰੀਆਂ ਦੇ ਭਰੋਸੇ ਪਿੱਛੋਂ ਸਮੂਹ ਬੱਸ ਆਪ੍ਰੇਟਰਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ।