ਮਾੜੀ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦੀ ਹੋਵੇਗੀ ਜਵਾਬ-ਤਲਬੀ
ਟੀਕਾਕਰਨ ਸਬੰਧੀ ਰੋਜ਼ਾਨਾ 50,000 ਦਾ ਟੀਚਾ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ, 23 ਅਗਸਤ: ( ਰਾਜੇਸ਼ ਜੈਨ, ਲਿਕੇਸ਼ ਸ਼ਰਮਾਂ) –
ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ‘ਤੇ ਕਰੜੀ ਨਜ਼ਰ ਰੱਖਣ ਅਤੇ ਬੀਮਾਰੀ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਣਾਏ ਮੰਤਰੀ ਸਮੂਹ ਨੇ ਅੱਜ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਿੰਨ ਦਿਨਾਂ ‘ਚ ਸਮੂਹ ਗਊਸ਼ਾਲਾਵਾਂ ਵਿੱਚ ਟੀਕਾਕਰਨ ਮੁਕੰਮਲ ਕੀਤਾ ਜਾਵੇ।
ਇੱਥੇ ਪੰਜਾਬ ਭਵਨ ਵਿਖੇ ਸੂਬੇ ਵਿੱਚ ਫੈਲੀ ਬੀਮਾਰੀ ਦੀ ਰੋਕਥਾਮ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੱਦਾ ਦਿੱਤਾ ਕੀਤੀ ਕਿ ਬੀਮਾਰੀ ਦੀ ਰੋਕਥਾਮ ਸਬੰਧੀ ਕਾਰਜ ਨੂੰ ਮਿਸ਼ਨ ਵੱਲੋਂ ਲਿਆ ਜਾਵੇ ਅਤੇ ਟੀਕਾਕਰਨ ਸਬੰਧੀ ਰੋਜ਼ਾਨਾ 50,000 ਦਾ ਟੀਚਾ ਯਕੀਨੀ ਬਣਾਇਆ ਜਾਵੇ।
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪਸ਼ੂ ਪਾਲਕਾਂ ‘ਤੇ ਪਈ ਇਸ ਬਿਪਤਾ ਨੂੰ ਸਾਨੂੰ ਸਖ਼ਤੀ ਨਾਲ ਨਜਿੱਠਣਾ ਪਵੇਗਾ ਅਤੇ ਬੀਮਾਰੀ ਦੀ ਰੋਕਥਾਮ ਲਈ ਚੱਲ ਰਹੇ ਕਾਰਜਾਂ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੰਤਰੀਆਂ ਨੇ ਸਖ਼ਤ ਲਹਿਜੇ ‘ਚ ਹਦਾਇਤ ਕੀਤੀ ਕਿ ਮਾੜੀ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦੀ ਜਵਾਬ-ਤਲਬੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਇਲਾਜ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਜੈਨਰਿਕ ਦਵਾਈਆਂ ਦੀ ਵਰਤੋਂ ਵੀ ਕੀਤੀ ਜਾਵੇ।
ਇਸੇ ਤਰ੍ਹਾਂ ਅਫ਼ਰੀਕਨ ਸਵਾਈਨ ਫ਼ੀਵਰ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਮੰਤਰੀਆਂ ਨੇ ਕਿਹਾ ਕਿ “ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009” ਦੀਆਂ ਹਦਾਇਤਾਂ ਇੰਨ-ਬਿੰਨ ਲਾਗੂ ਕੀਤੀਆਂ ਜਾਣ ਅਤੇ ਸੂਰਾਂ ਦੀ ਆਵਾਜਾਈ ‘ਤੇ ਮੁਕੰਮਲ ਰੋਕ ਲਾਈ ਜਾਵੇ।
