–ਜਾਗਰੂਕਤਾ ਫੈਲਾਉਣ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਰਵਾਈ ਲਈ 327 ਨੋਡਲ ਅਫ਼ਸਰ ਅਤੇ ਕਲੱਸਟਰ ਅਫ਼ਸਰ ਨਿਯੁਕਤ
ਮੋਗਾ, 5 ਸਤੰਬਰ: ( ਕੁਲਵਿੰਦਰ ਸਿੰਘ) –
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪਣੇ ਅਗਾਊਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਫਸਲਾਂ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਪੂਰੇ ਜ਼ਿਲ੍ਹੇ ਵਿੱਚ 327 ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿੰਨਾਂ ਵਿੱਚੋਂ ਸਬ-ਡਿਵੀਜ਼ਨ ਨਿਹਾਲ ਸਿੰਘ ਵਾਲਾ ਵਿੱਚ 39, ਮੋਗਾ ਵਿੱਚ 88, ਬਾਘਾਪੁਰਾਣਾ ਵਿੱਚ 56 ਅਤੇ ਧਰਮਕੋਟ ਵਿੱਚ 144 ਨੋਡਲ ਅਫ਼ਸਰਾਂ ਨੂੰ ਲਗਾਇਆ ਗਿਆ ਹੈ। ਨੋਡਲ ਅਫ਼ਸਰਾਂ ਤੋਂ ਇਲਾਵਾ ਸਬ-ਡਿਵੀਜ਼ਨ ਵਾਈਜ਼ ਕਲੱਸਟਰ ਅਫ਼ਸਰਾਂ ਦੀ ਵੀ ਨਿਯੁਕਤੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਟੀਮਾਂ ਕਿਸਾਨਾਂ ਨੂੰ ਪਰਾਲੀ/ਨਾੜ ਨਾ ਸਾੜਨ ਲਈ ਪ੍ਰੇਰਿਤ ਕਰਨਗੀਆਂ ਅਤੇ ਅੱਗ ਲਗਾਉਣ ਦੀ ਸੂਰਤ ਵਿੱਚ ਇਹ ਟੀਮਾਂ ਜ਼ਮੀਨ ਮਾਲਕਾਂ ਦੇ ਚਲਾਨ ਕੱਟਣਗੀਆਂ। ਇਹ ਟੀਮਾਂ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਖੇਤੀਬਾੜੀ ਵਾਲੀ ਜ਼ਮੀਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ਨਾੜ/ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੋਂ ਵਿੱਚ ਆਉਣ ਵਾਲੇ ਸੰਦਾਂ ਦੀ ਜਾਣਕਾਰੀ ਅਤੇ ਇਸ ਉੱਪਰ ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸਿਡੀ ਬਾਰੇ ਵੀ ਇਹ ਟੀਮਾਂ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕਿਸਾਨ ਵੱਲੋਂ ਫ਼ਸਲਾਂ ਦੀ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਦੀ ਜ਼ਮੀਨ ਦੀ ਗਿਰਦਾਵਰੀ ਵਿੱਚ ਸੁਰਖ ਅੱਖਰਾਂ ਵਿੱਚ ਇੰਦਰਾਜ ਕਰ ਦਿੱਤਾ ਜਾਵੇਗਾ। ਅੱਗ ਲਗਾਏ ਜਾਣ ਦੀ ਸੂਚਨਾ ਮਿਲਣ ‘ਤੇ ਨੋਡਲ ਅਫ਼ਸਰ ਵੱਲੋਂ ਮੌਕੇ ਦਾ ਮੁਆਇਨਾ ਕਰਨ ਉਪਰੰਤ ਜਗ੍ਹਾ ਦੀ ਰਿਪੋਰਟ/ਫੋਟੋ ਸਬੰਧਤ ਪਟਵਾਰੀ ਨੂੰ ਮੋਬਾਇਲ ਐਪਲੀਕੇਸ਼ਨ ਰਾਹੀਂ ਭੇਜੀ ਜਾਵੇਗੀ, ਇਸ ਉਪਰੰਤ ਪਟਵਾਰੀ ਵੱਲੋਂ ਜ਼ਮੀਨ ਦੇ ਰਿਕਾਰਡ ਸਬੰਧੀ ਸਾਰੀ ਜਾਣਕਾਰੀ ਮੋਬਾਇਲ ਐਪਲੀਕੇਸ਼ਨ ਤੇ ਅਪਲੋਡ ਕਰਨ ਉਪਰੰਤ ਕਲੱਸਟਰ ਅਫ਼ਸਰ ਨੂੰ ਭੇਜੀ ਜਾਵੇਗੀ। ਰਿਪੋਰਟ ਪ੍ਰਾਪਤ ਹੋਣ ਉਪਰੰਤ ਸਬੰਧਤ ਤਹਿਸੀਲਦਾਰ ਦੇ ਦਫ਼ਤਰ ਵੱਲੋਂ ਅੱਗ ਲਗਾਉਣ ਵਾਲੀ ਜਗ੍ਹਾ ਦੇ ਮਾਲਕ ਦਾ ਚਲਾਨ ਕੱਟਣ ਉਪਰੰਤ ਸਾਰੀ ਜਾਣਕਾਰੀ ਮੋਬਾਇਲ ਐਪਲੀਕੇਸ਼ਨ ਤੇ ਅਪਲੋਡ ਕੀਤੀ ਜਾਵੇਗੀ ਤਾਂ ਜੋ ਸਾਰੀ ਰਿਪੋਰਟ ਸਬੰਧਤ ਉਪ ਮੰਡਲ ਅਫ਼ਸਰ ਨੂੰ ਸੀ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਨ ਹਿੱਤ ਭੇਜੀ ਜਾ ਸਕੇ। ਹਰ ਉਪ ਮੰਡਲ ਵਿੱਚ ਗਠਿਤ ਟੀਮਾਂ ਉਸ ਉਪ ਮੰਡਲ ਦੇ ਉਪ ਮੰਡਲ ਮੈਜਿਸਟ੍ਰੇਟ ਦੇ ਅਧੀਨ ਕੰਮ ਕਰਨਗੀਆਂ। ਉਪ ਮੰਡਲ ਵਿੱਚ ਤਾਇਨਾਤ ਉਪ ਕਪਤਾਨ ਪੁਲਿਸ, ਉਪ ਮੰਡਲ ਮੈਜਿਸਟ੍ਰੇਟ ਨਾਲ ਤਾਲਮੇਲ ਕਰਕੇ ਪੁਲਿਸ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਅਮਲ ਵਿੱਚ ਲਿਆਉਣਗੇ।
ਨੋਡਲ ਅਫ਼ਸਰਾਂ ਅਤੇ ਕਲਸਟਰ ਅਫ਼ਸਰਾਂ ਦੀਆਂ ਤਕਨੀਕੀ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਐਕਸ਼ਨ ਟੀਮ ਦਾ ਵੀ ਗਠਨ ਕੀਤਾ ਗਿਆ ਹੈ। ਇਹ ਟੀਮ ਨੋਡਲ ਅਫ਼ਸਰਾਂ ਅਤੇ ਕਲੱਸਟਰ ਅਫ਼ਸਰਾਂ ਨੂੰ ਸਬੰਧਤ ਐਪ ਵਿੱਚ ਰਜਿਸਟਰਡ ਵੀ ਕਰਵਾਏਗੀ। ਇਸ ਤੋਂ ਇਲਾਵਾ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹੁੰਦੀਆਂ ਹਦਾਇਤਾਂ ਅਤੇ ਹੋਰ ਪੱਤਰ ਵਿਹਾਰ ਦਾ ਕੰਮ ਵੀ ਇਸ ਟੀਮ ਵੱਲੋਂ ਅਮਲ ਵਿੱਚ ਲਿਆਂਦਾ ਜਾਵੇਗਾ।
