ਚੰਡੀਗੜ੍ਹ 1 ਮਾਰਚ (ਬਿਊਰੋ ਡੇਲੀ ਜਗਰਾਉਂ ਨਿਊਜ਼)ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਨੇ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ। ਪ੍ਰੈਸ ਕਾਨਫਰੰਸ ਦੌਰਾਨ 73 ਭਾਜਪਾ ਉਮੀਦਵਾਰ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਆਪਣੇ ਦਮ ਉਤੇ ਸਰਕਾਰ ਬਣਾਏਗੀ।ਇਸ ਮੌਕੇ ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਦੇਸ਼ ਦੇ ਮੁੱਦੇ ਉਤੇ ਬੰਕਰ ਵਿੱਚ ਚਲੇ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ ਅਤੇ ਉਥੇ ਫਸੇ ਵਿਦਿਆਰਥੀਆਂ ਨੂੰ ਕੱਢਣ ਲਈ ਹਰ ਉਪਰਾਲਾ ਕਰ ਰਹੇ ਹਨ।ਦੂਜੇ ਪਾਸੇ ਕਾਂਗਰਸ ਇਕ ‘ਬੰਕਰ’ ਵਿੱਚ ਵੜ ਗਈ ਹੈ। ਕੋਈ ਵੀ ਕਾਂਗਰਸੀ ਆਗੂ ਇਸ ਮੁੱਦੇ ਉਤੇ ਅੱਗੇ ਨਹੀਂ ਆਇਆ। ਭਾਜਪਾ ਪ੍ਰਧਾਨ ਨੇ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਚਿਹਰਾ ਬੇਨਕਾਬ ਹੋ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਫਿਰ ਤੋਂ ਪ੍ਰੋ.ਦਵਿੰਦਰਪਾਲ ਭੁੱਲਰ ਦੀ ਰਿਹਾਈ ਟਾਲ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮੁੱਦੇ ਉਤੇ ਹਮੇਸ਼ਾ ਸਿਆਸਤ ਕਰਦੇ ਹਨ। ਇਸ ਕਾਰਨ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਫਿਰ ਤੋਂ ਟਾਲ ਦਿੱਤੀ ਗਈ ਹੈ।