ਪਾਰਦਰਸਤਾ ਅਤੇ ਭਿ੍ਰਸਟਾਚਾਰ ਮੁਕਤ ਪ੍ਰਸ਼ਾਸਨ ਮਾਨ ਸਰਕਾਰ ਦੀ ਮੁੱਖ ਤਰਜੀਹ – ਸਥਾਨਕ ਸਰਕਾਰਾਂ ਬਾਰੇ ਮੰਤਰੀ
ਚੰਡੀਗੜ, 15 ਸਤੰਬਰ: ( ਰਾਜੇਸ਼ ਜੈਨ, ਭਗਵਾਨ ਭੰਗੂ) –
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਦਿਸਾ ਵਿੱਚ ਇੱਕ ਕਦਮ ਅੱਗੇ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ ਦਿੱਤੇ ਕਿ ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਪ੍ਰੋਜੈਕਟ ਦੇ ਰੱਖ-ਰਖਾਅ ਸਬੰਧੀ ਸਰਤ ਲਾਜ਼ਮੀ ਤੌਰ ‘ਤੇ ਸਾਮਲ ਹੋਣੀ ਚਾਹੀਦੀ ਹੈ।
ਡਾ: ਨਿੱਜਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਜਾਇਜਾ ਲੈਂਦਿਆ ਕਿਹਾ ਕਿ ਜਿਨਾਂ ਠੇਕੇਦਾਰਾਂ ਨੂੰ ਪ੍ਰੋਜੈਕਟ ਦਿੱਤੇ ਗਏ ਹਨ, ਉਹ ਉਕਤ ਪ੍ਰੋਜੈਕਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਜ਼ਿੰਮੇਵਾਰ ਹੋਣਗੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਮਾਮਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਜਲਦੀ ਤੋਂ ਜਲਦੀ ਹੱਲ ਕਰਨਾ ਯਕੀਨੀ ਬਣਾਇਆ ਜਾਵੇ।
ਸਥਾਨਕ ਸਰਕਾਰਾਂ ਵਿਭਾਗ ਦੀ ਕਾਰਗੁਜਾਰੀ ਦਾ ਮੁਲਾਂਕਣ ਕਰਦਿਆਂ ਡਾ. ਨਿੱਜਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਹਿਰਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਨਾਜਾਇਜ ਉਸਾਰੀਆਂ ਨੂੰ ਹਰ ਕੀਮਤ ‘ਤੇ ਰੋਕਿਆ ਜਾਵੇ। ਉਨਾਂ ਕਿਹਾ ਕਿ ਕਿਸੇ ਵੀ ਗੈਰ ਕਾਨੂੰਨੀ ਕੰਮਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਨੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ‘ਤੇ ਵੀ ਜੋਰ ਦਿੱਤਾ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਦਾ ਲਾਭ ਮਿਲ ਸਕੇ।
ਡਾ: ਨਿੱਜਰ ਨੇ ਅਧਿਕਾਰੀਆਂ ਨੂੰ ਸਹਿਰੀ ਖੇਤਰਾਂ ਵਿੱਚ ਵੱਧ ਰਹੀ ਕੂੜੇ ਦੀ ਸਮੱਸਿਆ ਨੂੰ ਵਿਗਿਆਨਕ ਢੰਗ ਨਾਲ ਨਜਿੱਠਣ ਦੇ ਨਿਰਦੇਸ ਵੀ ਦਿੱਤੇ। ਉਨਾਂ ਲੰਬਿਤ ਪਏ ਕੇਸਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ ਵੀ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਿ੍ਰਸਟਾਚਾਰ ਪ੍ਰਤੀ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸਾਮਲ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਭਿ੍ਰਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।
ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ, ਵਿਵੇਕ ਪ੍ਰਤਾਪ ਸਿੰਘ, ਸਥਾਨਕ ਸਰਕਾਰਾ ਵਿਭਾਗ ਦੇ ਡਾਇਰੈਕਟਰ, ਪੁਨੀਤ ਗੋਇਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ., ਵਰਿੰਦਰ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਸਨ।