– ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਚਲਾਇਆ ਜਾ ਰਿਹਾ ਵਿਸ਼ੇਸ਼ ਸਰਚ ਅਭਿਆਨ
– ਪੰਜਾਬ ਵਿੱਚੋਂ ਗੈਂਗਵਾਰ ਖ਼ਤਮ ਕਰਨ ਵਿੱਚ ਮਿਲੀ ਵੱਡੀ ਸਫਲਤਾ
– ਸਿੱਧੂ ਮੂਸੇਵਾਲਾ ਦੇ ਸਾਰੇ ਕਾਤਲ ਪੁਲਿਸ ਗ੍ਰਿਫ਼ਤ ਵਿੱਚ
-ਏ.ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕੀਤਾ ਫ਼ਤਿਹਗੜ੍ਹ ਸਾਹਿਬ ਦਾ ਦੌਰਾ
ਫ਼ਤਿਹਗੜ੍ਹ ਸਾਹਿਬ, 17 ਸਤੰਬਰ: (ਸਤੀਸ਼ ਕੋਹਲੀ, ਜੱਸੀ ਢਿੱਲੋਂ) –
ਨਸ਼ਿਆਂ ਦਾ ਜੜ੍ਹੋਂ ਖਾਤਮਾ ਕਰਨ ਲਈ ਪੰਜਾਬ ਪੁਲਿਸ ਵਚਨਬੱਧ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਲੱਗੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਸ਼੍ਰੀ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਦੇ ਦੌਰੇ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਪੂਰੇ ਪੰਜਾਬ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਇਸੇ ਮੁਹਿੰਮ ਤਹਿਤ ਅੱਜ ਪੂਰੇ ਪੰਜਾਬ ਵਿੱਚ ਜਿੱਥੇ ਕਿਤੇ ਨਸ਼ਿਆਂ ਬਾਰੇ ਸੂਚਨਾ ਮਿਲਦੀ ਹੈ ਜਾਂ ਕਿਸੇ ਥਾਂ ਤੇ ਪਹਿਲਾਂ ਨਸ਼ਿਆਂ ਦਾ ਜ਼ਿਆਦਾ ਪ੍ਰਭਾਵ ਰਿਹਾ ਹੈ ਉੱਥੇ ਪੁਲਿਸ ਵੱਲੋਂ ਸਰਚ ਓਪਰੇਸ਼ਨ ਵੀ ਚਲਾਇਆ ਜਾ ਰਿਹਾ ਹੈ।
ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਲੈ ਜਾਇਆ ਗਿਆ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਨੂੰ ਜੜੋ ਖ਼ਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਪੁਲਿਸ ਵੱਲੋਂ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਕੱਢਣ ਲਈ ਲਗਾਤਾਰ ਪ੍ਰੇਰਤ ਕੀਤਾ ਜਾ ਰਿਹਾ ਹੈ ।ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਸਾਡੇ ਸਮਾਜ ਲਈ ਇੱਕ ਲਾਹਣਤ ਹੈ ਜਿਸ ਦਾ ਖਾਤਮਾ ਕਰਨ ਲਈ ਸਾਨੂੰ ਲੋਕ ਲਹਿਰ ਚਲਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਕੱਢਣ ਲਈ ਉਪਰਾਲੇ ਕੀਤੇ ਜਾਣਗੇ ਉਥੇ ਹੀ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੱਤਰਕਾਰਾਂ ਵੱਲੋਂ ਪੰਜਾਬ ਵਿੱਚ ਵੱਧ ਰਹੇ ਗੈਂਗਵਾਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਏ.ਡੀ.ਜੀ.ਪੀ. ਸ਼ੁਕਲਾ ਨੇ ਦੱਸਿਆ ਕਿ ਪਿਛਲੇ ਕੁਝ ਮਹੀਨੇ ਦੌਰਾਨ ਪੰਜਾਬ ਪੁਲਿਸ ਨੂੰ ਗੈਂਗਸਟਰਾਂ ਵਿਰੁੱਧ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਇਸ ਤਹਿਤ ਕਈ ਵੱਡੇ ਗੈਂਗਸਟਰ ਪੁਲਿਸ ਨੇ ਕਾਬੂ ਕੀਤੇ ਹਨ ਅਤੇ ਭਾਰੀ ਮਾਤਰਾ ਵਿੱਚ ਗੈਰ ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਾ ਸਿਰਫ਼ ਪੰਜਾਬ ਵਿੱਚ ਸਗੋਂ ਪੰਜਾਬ ਤੋਂ ਬਾਹਰ ਜਾ ਕੇ ਵੀ ਗੈਂਗਸਟਰਾਂ ਵਿਰੁੱਧ ਵੱਡੀ ਕਾਮਯਾਬੀ ਹਾਸਲ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ, ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਿੱਧੂ ਮੂਸੇ ਵਾਲਾ ਦੇ ਕਤਲ ਬਾਰੇ ਕੀਤੇ ਗਏ ਸਵਾਲ ਦੇ ਜਵਾਬ ਵਿੱਚ ਏ.ਡੀ.ਜੀ.ਪੀ. ਨੇ ਕਿਹਾ ਕਿ ਸਿੱਧੂ ਮੁਸੇਵਾਲਾ ਕਤਲ ਕੇਸ ਵਿੱਚ ਪੁਲਿਸ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਅਤੇ ਇਸ ਵਿੱਚ ਸ਼ਾਮਲ ਸਾਰੇ ਕਥਿਤ ਦੋਸ਼ੀ ਪੁਲਿਸ ਗ੍ਰਿਫ਼ਤ ਵਿੱਚ ਹਨ। ਇਸ ਮੌਕੇ ਰੂਪ ਨਗਰ ਰੇਂਜ ਦੇ ਆਈ.ਜੀ. ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਸੁਖਬੀਰ ਸਿੰਘ ਵੀ ਮੌਜੂਦ ਸਨ।