ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ
ਅਜੋਕੀ ਤਕਨਾਲੋਜੀ ਨਾਲ ਖੇਤੀਬਾੜੀ ਬਣਾਇਆ ਜਾ ਸਕਦੈ ਲਾਹੇਵੰਦ ਤੇ ਲਾਭਦਾਇਕ ਕਿੱਤਾ: ਡਾ. ਨਿੱਜਰ
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਠੋਸ ਯਤਨ
ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਰਕਾਰ ਪੂਰੀ ਤਰਾਂ ਸੁਹਿਰਦ
ਚੰਡੀਗੜ/ਫਤਹਿਗੜ ਸਾਹਿਬ, 17 ਸਤੰਬਰ:( ਬੌਬੀ ਸਹਿਜਲ, ਜੱਸੀ ਢਿੱਲੋਂ) –
ਕੈਬਨਿਟ ਮੰਤਰੀ ਡਾ: ਇੰਦਰਬੀਰ ਨਿੱਜਰ ਨੇ ਪਿੰਡ ਸਾਧੂਗੜ ਦੇ ਇੱਕ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਹੋਰ ਕਿਸਾਨਾਂ ਨੂੰ ਉਸ ਦੀਆਂ ਵਾਤਾਵਰਣ ਪੱਖੀ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਸੁਰਜੀਤ ਸਿੰਘ ਸਾਧੂਗੜ, ਰੇਨਗਨ ਤਕਨੀਕ ਨਾਲ ਆਪਣੀ ਫਸਲ ਦੀ ਸਿੰਚਾਈ ਕਰਦਾ ਹੈ ਅਤੇ ਪਰਾਲੀ ਨੂੰ ਜਮੀਨ ਵਿੱਚ ਸਾੜਨ ਦੀ ਬਜਾਏ ਉਸ ਨੂੰ ਵਾਪਿਸ ਮਿੱਟੀ ਵਿੱਚ ਵਾਹੁੰਦਾ ਹੈ, ਜਿਸ ਨਾਲ ਅਗਲੀ ਫਸਲ ਲਈ ਉਪਜਾਊ ਸ਼ਕਤੀ ਵਧਦੀ ਹੈ। ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾ ਸੋਮਾ ਹੈ।
ਉਨਾਂ ਅੱਗੇ ਕਿਹਾ ਕਿ ਅਜਿਹੀਆਂ ਤਕਨੀਕਾਂ ਦੇ ਜ਼ਮੀਨੀ ਪੱਧਰ ‘ਤੇ ਮਕਬੂਲ ਕਰਨ ਹੋਣ ਨਾਲ ਹੀ ਸਫਲਤਾ ਮਿਲ ਸਕਦੀ ਹੈ ਕਿਉਂਕਿ ਪੰਜਾਬ ਦੀ ਵੱਡੀ ਗਿਣਤੀ ਆਬਾਦੀ ਖੇਤੀਬਾੜੀ ਨਾਲ ਜੁੜੀ ਹੈ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖ਼ਤਿਆਰ ਬਣਾਉਣ ਦੀ ਬਹੁਤ ਲੋੜ ਹੈ।
ਡਾ: ਨਿੱਜਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਜਮੀਨ ਦੀ ਉਪਜਾਊ ਸਕਤੀ ਵਧਦੀ ਹੈ ਉੱਥੇ ਜ਼ਮੀਨ ਲਈ ਮਿੱਤਰ ਕੀੜੇ ਵੀ ਬਚਦੇ ਹਨ। ਇਸ ਨਾਲ ਕਿਸਾਨਾਂ ਨੂੰ ਬੇਲੋੜੀ ਖਾਦਾਂ ਦੀ ਵਰਤੋਂ ਕਰਨ ਤੋਂ ਵੀ ਲੋੜ ਨਹੀਂ ਪੈਂਦੀ ਜਦਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਕਿਸਾਨ ਦਾ ਸਭ ਤੋਂ ਵੱਧ ਨੁਕਸਾਨ ਹੁੰਦਾ ਹੈ ਉੱਥੇ ਕਈ ਤਰਾਂ ਦੀਆਂ ਬਿਮਾਰੀਆਂ ਲੱਗਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।
ਮੰਤਰੀ ਨੇ ਇਹ ਵੀ ਕਿਹਾ ਕਿ ਸੂਚਨਾ ਤਕਨਾਲੋਜੀ ਦੇ ਇਸ ਯੁੱਗ ਵਿੱਚ ਵਿਗਿਆਨ ਨੇ ਤਰੱਕੀ ਕੀਤੀ ਹੈ ਅਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਨੂੰ ਲਾਹੇਵੰਦ ਅਤੇ ਆਰਥਿਕ ਤੌਰ ਤੇ ਲਾਭਦਾਇਕ ਬਣਾਇਆ ਜਾ ਸਕਦਾ ਹੈ।
ਉਨਾਂ ਅੱਗੇ ਕਿਹਾ ਕਿ ਜਿਸ ਦਰ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ, ਉਹ ਸਾਡੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਅਸੀਂ ਇਸ ਨੂੰ ਰੋਕਣ ਲਈ ਹੁਣੇ ਹੀ ਕੋਈ ਠੋਸ ਕਦਮ ਨਾ ਚੁੱਕੇ ਤਾਂ ਆਉਣ ਵਾਲੀਆਂ ਪੀੜੀਆਂ ਲਈ ਪੀਣ ਵਾਲਾ ਪਾਣੀ ਖਤਮ ਹੋ ਜਾਵੇਗਾ। ਪਾਣੀ ਨਹੀਂ ਬਚੇਗਾ। ਉਨਾਂ ਕਿਹਾ ਕਿ ਸਾਨੂੰ ਹੋਰਨਾਂ ਨੂੰ ਵੀ ਪਾਣੀ ਦੀ ਸਹੀ ਸੰਭਾਲ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਹੀ ਅਰਥਾਂ ਵਿੱਚ ਕਿਸਾਨ ਪੱਖੀ ਸਰਕਾਰ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਾਡੇ ਦੇਸ਼ ਦੇ ਅੰਨਦਾਤਾ ਦੀ ਬਾਂਹ ਫੜਨਾ ਸਾਡੀ ਜਿਮੇਵਾਰੀ ਹੈ ਅਤੇ ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਹਰ ਮੁਸ਼ਕਿਲ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹਾਂਗੇ।
ਇਸ ਮੌਕੇ ਹਲਕਾ ਵਿਧਾਇਕ ਸ: ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਧੁਨਿਕ ਤਕਨੀਕਾਂ ਤਾਂ ਹੀ ਲਾਹੇਵੰਦ ਹੋ ਸਕਦੀਆਂ ਹਨ ਜੇਕਰ ਇਨਾਂ ਨੂੰ ਪ੍ਰਫੁੱਲਿਤ ਕਰਕੇ ਹਰ ਕਿਸਾਨ ਦੀ ਪਹੁੰਚ ਵਿੱਚ ਲਿਆਂਦਾ ਜਾਵੇ। ਉਨਾਂ ਕਿਹਾ ਕਿ ਰੇਨਗਨ ਵਿਧੀ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਹੀ ਫਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਉਨਾਂ ਕਿਹਾ ਕਿ ਇਹ ਤਕਨੀਕ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਇਨਾਂ ਨੂੰ ਹਰ ਕਿਸਾਨ ਤੱਕ ਪਹੁੰਚਾਇਆ ਜਾਵੇ।