- ਕਿਹਾ ! ਮੁਹਿੰਮ ਦਾ ਉਦੇਸ਼ ਪਿੰਡਾਂ ’ਚ ਸਾਫ-ਸਫਾਈ ਨੂੰ ਉਤਸ਼ਾਹਿਤ ਕਰਨਾ
- ਮੁਹਿੰਮ ਤਹਿਤ ਪਿੰਡਾਂ ’ਚ ਠੋਸ ਤੇ ਤਰਲ ਕੂੜਾ ਪ੍ਰਬੰਧਨ, ਛੱਪੜਾਂ ਦੀ ਸਫਾਈ, ਸਵੱਛਤਾ ਰੈਲੀਆਂ ਸਮੇਤ ਕਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ
ਮੋਗਾ, 20 ਸਤੰਬਰ (ਕੁਲਵਿੰਦਰ ਸਿੰਘ ਮੋਗਾ) – ਪਿੰਡਾਂ ਵਿੱਚ ਸਾਫ਼-ਸਫਾਈ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹੇ ਵਿੱਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜੋ ਕਿ 2 ਅਕਤੂਬਰ,2022 ਤੱਕ ਚਲਾਈ ਜਾਵੇਗੀ।
ਮੁਹਿੰਮ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਵੱਛਤਾ ਰੈਲੀਆਂ, ਠੋਸ ਤੇ ਤਰਲ ਕੂੜਾ ਪ੍ਰਬੰਧਨ/ਛੱਪੜਾਂ, ਗਲੀਆਂ ਤੇ ਰੂੜੀਆਂ ਦੀ ਸਫਾਈ, ਬੂਟੇ ਲਾਉਣਾ, ਇਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ’ਤੇ ਪਾਬੰਦੀ ਲਗਾਉਣ ਸਬੰਧੀ ਗ੍ਰਾਮ ਸਭਾਵਾਂ ਰਾਹੀਂ ਮਤੇ ਪਵਾਉਣਾ, ਸਵੱਛਤਾ ਦੀ ਸਹੁੰ ਸਮੇਤ ਕਈ ਗਤੀਵਿਧੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਯੋਗ ਪਿੰਡਾਂ ਨੂੰ ਓ.ਡੀ.ਐਫ.ਪਲੱਸ ਘੋਸ਼ਿਤ ਕਰਨਾ, ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ ਲਾਉਣ ਦੀ ਸ਼ੁਰੂਆਤ, ਪ੍ਰਾਜੈਕਟ ਨੂੰ ਚਲਾਉਣ ਸਬੰਧੀ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਟ੍ਰੇਨਿੰਗ ਦੇਣਾ, ਜਾਗਰੂਕਤਾ ਸਰਗਰਮੀਆਂ ਵੀ ਕਰਵਾਈਆਂ ਜਾਣਗੀਆਂ।
ਸਵੱਛਤਾ ਸਰਗਰਮੀਆਂ ਨੂੰ ਪਿੰਡਾਂ ’ਚ ਸੁਚੱਜੇ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿੱਖਿਆ, ਖੇਡਾਂ ਤੇ ਯੁਵਕ ਸੇਵਾਵਾਂ, ਗ੍ਰਾਮ ਪੰਚਾਇਤਾਂ ਅਤੇ ਹੋਰ ਭਾਗੀਦਾਰਾਂ ਨੂੰ ਪੂਰੇ ਤਾਲਮੇਲ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਸਫ਼ਲ ਬਣਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ’ਚ ਚੱਲ ਰਹੇ ਸਕੂਲਾਂ, ਆਂਗਣਵਾੜੀ ਸੈਂਟਰਾਂ, ਸਵੈ ਸਹਾਇਤਾ ਸਮੂਹਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕਰਕੇ ਪਿੰਡਾਂ ਦੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਜਾਗਰੂਕ ਕੀਤਾ ਜਾਵੇ । ਉਨ੍ਹਾਂ ਹੋਰ ਪਿੰਡਾਂ ਨੂੰ ਓ.ਡੀ.ਐਫ. ਪਲੱਸ ਦੀ ਸੂਚੀ ਵਿੱਚ ਸ਼ਾਮਲ ਕਰਨ ’ਤੇ ਵੀ ਜ਼ੋਰ ਦਿੱਤਾ, ਜੋ ਕਿ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ।
ਇਸ ਦੌਰਾਨ ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਕਮਿਊਨਿਟੀ ਸੈਨੀਟਰੀ ਕੰਪਲੈਕਸਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਭਾਸ਼ ਚੰਦਰ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ-ਕਮ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਇੰਜ. ਸ਼੍ਰੀ ਕਾਰਤਿਕ ਜਿੰਦਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।