ਬਲਾਕ ਮਾਲੇਰਕੋਟਲਾ ਦੇ ਪਿੰਡ ਮੁਬਾਰਕਪੁਰ ਚੂੰਘਾਂ ਵਿਖੇ ਬੁਢਾਪਾ ਪੈਨਸ਼ਨ ਸੁਵਿਧਾ ਕੈਂਪ ਦਾ ਆਯੋਜਨ
— ਪੈਨਸ਼ਨ ਸੁਵਿਧਾ ਕੈਂਪ ਲਗਾਉਣ ਦਾ ਮਨੋਰਥ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਵਾਂ ਮੁਹੱਈਆ ਕਰਵਾਉਣਾ : ਵਿਧਾਇਕ ਮਾਲੇਰਕੋਟਲਾ
— ਵਿਧਾਇਕ ਮਾਲੇਰਕੋਟਲਾ ਨੇ ਸਰਕਾਰੀ ਸਕੂਲ ਮੁਬਾਰਕਪੁਰ ਚੂੰਘਾਂ ਦਾ ਵੀ ਲਿਆ ਜਾਇਜਾ
— ਵਿਧਾਇਕ ਮਾਲੇਰਕੋਟਲਾ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਪੈਨਸ਼ਨ ਸੁਵਿਧਾ ਕੈਂਪ ਉਪਰੰਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਮਾਲੇਰਕੋਟਲਾ 22 ਸਤੰਬਰ : ਸਤੀਸ਼ ਕੋਹਲੀ, ਜੱਸੀ ਢਿੱਲੋਂ) –
ਪੰਜਾਬ ਸਰਕਾਰ ਵੱਲੋਂ ਬੁਢਾਪਾ ਅਤੇ ਵਿਧਵਾ ਪੈਨਸ਼ਨਰਾਂ ਨੂੰ ਮਿਲਦੇ ਲਾਭ ਦੀ ਖੱਜਲ ਖੁਆਰੀ ਰੋਕਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪਿੰਡ ਮੁਬਾਰਕਪੁਰ ਚੂੰਘਾਂ ਵਿਖੇ ਬਲਾਕ ਪੱਧਰੀ ਪੈਨਸ਼ਨ ਸੁਵਿਧਾ ਕੈਂਪ ਆਯੌਜਿਤ ਕੀਤਾ ਗਿਆ । ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮਾਲੇਰਕੋਟਲਾ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਕੀਤਾ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋੜਵੰਦ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦੇਣ ਲਈ ਵਿਸ਼ੇਸ਼ ਕਦਮ ਪੁੱਟਦੇ ਹੋਏ ਦੂਰ ਦੁਰਾਡੇ ਪੇਂਡੂ ਖੇਤਰ ਵਿਚ ਰਹਿ ਰਹੇ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਤੋਂ ਵਾਝਾਂ ਨਾ ਰਹਿ ਸਕੇ । ਉਨ੍ਹਾਂ ਕਿਹਾ ਕਿ ਕੈਂਪ ਲਗਾਉਣ ਦਾ ਅਸਲ ਮਨੋਰਥ ਲੋੜਵੰਦ ਲੋਕਾਂ ਦੇ ਘਰਾਂ ਦੇ ਨੇੜੇ ਫਾਰਮ ਭਰ ਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਦੁਆਰਾ 28 ਸਤੰਬਰ ਦਿਨ ਬੁਧਵਾਰ ਨੂੰ ਬਲਾਕ ਪੱਧਰ ਤੇ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾਣਗੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਲਾਭ ਲੈਣ । ਇਸ ਮੌਕੇ ਵਿਧਵਾ ਪੈਨਸ਼ਨ 04 ਫਾਰਮ , ਬਢਾਪਾ ਪੈਨਸ਼ਨ 22 ਫਾਰਮ, ਦਿਵਿਆਗਾਂ ਪੈਨਸ਼ਨ ਫਾਰਮ 02 ਅਤੇ ਆਸਰਿਤ ਪੈਨਸ਼ਨ ਦੇ 02 ਫਾਰਮ ਭਰੇ ਗਏ ।
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਂਘਾ ਕਰਦਿਆਂ ਕਰਮਜੀਤ ਸਿੰਘ ਮਾਨ ਅਤੇ ਕੈਂਪ ਵਿਚ ਵਿਸ਼ੇਸ ਤੌਰ ਤੇ ਪਹੁੰਚੇ ਸਥਾਨਕ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਸ ਤਰਾਂ ਦੇ ਕੈਂਪ ਲਗਾਉਣ ਦਾ ਫੈਸਲਾ ਬਹੁਤ ਹੀ ਸ਼ਲਾਘਾ ਯੋਗ ਹੈ ਕਿਉਂਕਿ ਅਜਿਹੇ ਪੈਨਸ਼ਨ ਸੁਵਿਧਾ ਕੈਂਪ ਨਾਲ ਲੋੜਵੰਦ ਯੋਗ ਲੋਕਾਂ ਦੀ ਦਫਤਰਾਂ ਦੇ ਚੱਕਰ ਲਗਾ ਕੇ ਹੋਣ ਵਾਲੀ ਬੇਲੋੜੀ ਖੱਜਲ ਖੁਆਰੀ ਖਤਮ ਹੋ ਰਹੀ ਹੈ।
ਇਸ ਉਪਰੰਤ ਵਿਧਾਇਕ ਮਾਲੇਰਕੋਟਲਾ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਸਰਕਾਰੀ ਸਕੂਲ ਪਿੰਡ ਮੁਬਾਰਕਪੁਰ ਚੂੰਘਾਂ ਵਿਖੇ ਸਕੂਲੀ ਵਿਦਿਆਰਥੀਆਂ ਨਾਲ ਗੱਲ ਬਾਤ ਕੀਤੀ ਅਤੇ ਸਕੂਲ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਦਾ ਜਾਇਜਾ ਵੀ ਲਿਆ । ਉਨ੍ਹਾਂ ਸਕੂਲ ਦੀ ਸਾਫ ਸਫਾਈ ਤੇ ਤਸੱਲੀ ਜਾਹਰ ਕੀਤੀ । ਇਸ ਮੌਕੇ ਉਨ੍ਹਾਂ ਲੋਕਾਂ ਦੀ ਮੁਸਕਲਾਂ ਵੀ ਸੁਣੀਆਂ ।