ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਕਣਕ ਦੀ ਬਿਜਾਈ ਹੈਪੀ ਸੀਡਰ, ਸੂਪਰਸ਼ੀਡਰ, ਮਲਚਰ, ਚੌਪਰ ਆਦਿ ਸੰਦਾਂ ਦੀ ਵਰਤੋਂ ਕਰਨ
ਮਾਲੇਰਕੋਟਲਾ 23 ਸਤੰਬਰ ( ਜੱਸੀ ਢਿੱਲੋਂ, ਬੌਬੀ ਸਹਿਜਲ (-
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ. ਗੁਰਕਿਰਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਬਲਾਕ ਅਹਿਮਦਗੜ੍ਹ ਦੇ ਪਿੰਡ ਅਹਿਮਦਗੜ੍ਹ ਛੰਨਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ.ਰਾਕੇਸ਼ ਕੁਮਾਰ ਨੇ ਝੋਨੇ ਦੀ ਰਹਿੰਦ ਖੂੰਹਦ ਦੀ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।
ਕਿਸਾਨ ਪਰਾਲੀ ਦਾ ਸਹੀ ਪ੍ਰਬੰਧਨ ਕਰਨ ਲਈ ਇਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਵਾਤਾਵਰਣ ਨੂੰ ਕੋਈ ਨੁਕਸਾਨ ਨਹੀਂ ਹੁੰਦਾ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਿੱਤਰ ਕੀੜੇ ਵੀ ਸੁਰੱਖਿਅਤ ਰਹਿੰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਵੀ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਸਬੰਧੀ ਵੱਖ-ਵੱਖ ਮਸ਼ੀਨਰੀ ਦੀ ਵਰਤੋਂ ਦੇ ਤਕਨੀਕੀ ਨੁਕਤੇ ਵੀ ਸਾਂਝੇ ਕੀਤੇ । ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਕਣਕ ਦੀ ਬਿਜਾਈ ਹੈਪੀ ਸੀਡਰ, ਸੂਪਰਸ਼ੀਡਰ, ਮਲਚਰ, ਚੌਪਰ ਆਦਿ ਸੰਦਾਂ ਦੀ ਵਰਤੋਂ ਕਰਕੇ ਕੀਤੀ ਜਾਵੇ।
ਡਾ. ਰਾਕੇਸ਼ ਕੁਮਾਰ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਧੀਨ ਸਰ੍ਹੋਂ, ਮੱਕੀ ਅਤੇ ਦਾਲਾਂ ਦੀ ਬਿਜਾਈ ਅਤੇ ਆਈ ਖੇਤ ਐਪਲੀਕੇਸ਼ਨ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਸ੍ਰੀ ਗੋਪਾਲ ਕ੍ਰਿਸ਼ਨ ਨੇ ਮਿੱਟੀ ਅਤੇ ਪਾਣੀ ਦੀ ਪਰਖ ਸਬੰਧੀ ਕਿਸਾਨਾਂ ਨੂੰ ਦੱਸਿਆ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਰਪੰਚ ਹਰਜਿੰਦਰ ਸਿੰਘ, ਪੰਚ ਅਮਰਜੀਤ ਸਿੰਘ, ਪੰਚ ਜਗਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਵੀ ਮੌਜੂਦ ਸਨ।
