ਪੁਲਿਸ ਟੀਮਾਂ ਨੇ 4.15 ਕਰੋੜ ਰੁਪਏ ਡਰੱਗ ਮਨੀ, 251 ਕਿਲੋ ਅਫੀਮ, 178 ਕਿਲੋ ਗਾਂਜਾ, 261 ਕੁਇੰਟਲ ਭੁੱਕੀ ਅਤੇ 21.76 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ
– ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 4444 ਐਫਆਈਆਰ ਦਰਜ ਕੀਤੀਆਂ
– ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗਿ੍ਰਫਤਾਰੀਆਂ ਦੀ ਗਿਣਤੀ 354 ਤੱਕ ਪਹੁੰਚੀ
ਚੰਡੀਗੜ, 4 ਅਕਤੂਬਰ: ( ਰਾਜੇਸ਼ ਜੈਨ, ਰਾਜਨ ਜੈਨ) –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਪੁਲਿਸ ਨੇ ਕੁੱਲ 4444 ਐਫਆਈਆਰ ਦਰਜ ਕੀਤੀਆਂ ਹਨ,ਜਿਨਾਂ ਵਿੱਚੋਂ 461 ਵਪਾਰਕ ਮਾਤਰਾ ਨਾਲ ਸਬੰਧਤ ਹਨ।
ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਉਣ ਦੇ ਨਾਲ-ਨਾਲ ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾਕੇ 203 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ ਤਿੰਨ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 350.5 ਕਿਲੋਗ੍ਰਾਮ ਹੋ ਗਈ ਹੈ।
ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 251 ਕਿਲੋ ਅਫੀਮ, 178 ਕਿਲੋ ਗਾਂਜਾ, 261 ਕੁਇੰਟਲ ਭੁੱਕੀ ਅਤੇ 21.76 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਆਇਡ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਤਿੰਨ ਮਹੀਨਿਆਂ ਵਿੱਚ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4.15 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਹਫਤਾਵਾਰੀ ਅਪਡੇਟ ਦਿੰਦੇ ਹੋਏ ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਹਫਤੇ ਪੁਲਿਸ ਨੇ 293 ਐਫ.ਆਈ.ਆਰ., ਜਿਨਾਂ ਵਿਚੋਂ 30 ਮਾਮਲੇ ਵਪਾਰਕ ਮਾਤਰਾ ਨਾਲ ਸਬੰਧਤ ਸਨ, ਦਰਜ ਕਰਕੇ 392 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਅਤੇ 8 ਕਿਲੋ ਹੈਰੋਇਨ, 30 ਕਿਲੋ ਅਫੀਮ, 10 ਕਿਲੋ ਗਾਂਜਾ, 6 ਕੁਇੰਟਲ ਭੁੱਕੀ ਅਤੇ 3878 ਗੋਲੀਆਂ/ਕੈਪਸੂਲ/ਟੀਕੇ /ਫਾਰਮਾ ਓਪੀਆਇਡ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ।
ਉਨਾਂ ਕਿਹਾ ਕਿ ਇਸ ਹਫਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 19 ਹੋਰ ਭਗੌੜੇ ਗਿ੍ਰਫਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਤੋਂ ਪੀ.ਓਜ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਸੁਰੂ ਹੋਣ ਤੋਂ ਬਾਅਦ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 342 ਤੱਕ ਪਹੁੰਚ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀ.ਪੀ.ਜ/ਐਸ.ਐਸ.ਪੀ.ਜ. ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਉਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਸਾਰੇ ਵੱਡੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਵੱਲੋਂ ਨਜਾਇਜ ਢੰਗ ਨਾਲ ਜੁਟਾਏ ਇਸ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।