ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਲਾਹਾ ਲੈਣ ਦੀ ਕੀਤੀ ਅਪੀਲ
ਮੋਗਾ, 9 ਅਕਤੂਬਰ: ( ਕੁਲਵਿੰਦਰ ਸਿੰਘ) -ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਨੂੰ ਖਤਮ ਹੋਣ ਤੋਂ ਰੋਕਣਾ ਹੈ। ਇਨਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਬਹੁਤ ਹੀ ਘੱਟ ਖਰਚੇ ਵਿੱਚ ਮਿੱਟੀ ਵਿੱਚ ਹੀ ਮਿਲਾਇਆ ਜਾ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਵਰਤੇ ਜਾਂਦੇ ਸਮਾਰਟ ਸੀਡਰ ਲੈਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਮਿਤੀ ਵਿੱਚ ਵਾਧਾ ਕੀਤਾ ਹੈ। ਹੁਣ ਸਮਾਰਟ ਸੀਡਰ ਸਬਸਿਡੀ ਉੱਪਰ ਲੈਣ ਦੇ ਚਾਹਵਾਨ ਕਿਸਾਨ 15 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨਾਂ ਮੋਗਾ ਦੇ ਕਿਸਾਨਾਂ ਨੂੰ ਦੱਸਿਆ ਕਿ ਇਸ ਸਬੰਧੀ ਕਿਸਾਨ ਆਪਣੀਆਂ ਅਰਜ਼ੀਆਂ ਵਿਭਾਗ ਦੇ ਪੋਰਟਲ agrimachinerypb.com ਤੇ ਆਨਲਾਈਨ ਦੇ ਸਕਦੇ ਹਨ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਗਾ ਦੇ ਖੇਤੀਬਾੜੀ ਦਫ਼ਤਰ ਦੇ ਸਹਾਇਤਾ ਨੰਬਰ 98141-93502 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਡਾ. ਮਨਜੀਤ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਜਰੂਰ ਲਾਹਾ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।