– ਲੋਕਾਂ ਨੂੰ ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਸਹੂਲਤ ਮਿਲੀ – ਡਿਪਟੀ ਕਮਿਸ਼ਨਰ
ਮੋਗਾ, 14 ਅਕਤੂਬਰ ( ਕੁਲਵਿੰਦਰ ਸਿੰਘ) –
ਪੰਜਾਬ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇੇ ਮਾਲ ਵਿਭਾਗ ਨੇ ਕੰਮਕਾਜ ਨੂੰ ਡਿਜੀਟਲ ਕਰਕੇ ਨਾਗਰਿਕਾਂ ਦੀ ਸਹੂਲਤ ਲਈ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ /ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲਈ ਵਿਭਾਗ ਵੱਲੋਂ ਵੈਬਸਾਇਟ https://eservices.punjab.gov.in ਲਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇਕ ਕਲਿੱਕ ਰਾਹੀਂ ਆਸਾਨੀ ਨਾਲ ਜਮ੍ਹਾਂ ਹੋ ਸਕਣਗੀਆਂ। ਉਨ੍ਹਾਂ ਨੇ ਦੱਸਿਆ ਕਿ ਨਾਗਰਿਕ ਇਸ ਵੈੱਬਸਾਈਟ `ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਸੌਂਪਣਾ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ `ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ।ਉਨ੍ਹਾਂ ਨੇ ਕਿਹਾ ਕਿ ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਪੋਰਟਲ `ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਪਹਿਲਕਦਮੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗੀ ਅਤੇ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਸੁਖਾਲੇ ਢੰਗ ਨਾਲ ਜ਼ਮੀਨ ਦੀ ਖਰੀਦ-ਵੇਚ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਅਤੇ ਜਮ੍ਹਾਂਬੰਦੀ ਦੀ ਨਕਲ ਆਸਾਨੀ ਨਾਲ ਪ੍ਰਾਪਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ।