‘ਆਪ’ ਦੇ ਹੱਕ ‘ਚ ਚੱਲ ਰਹੀ ਹਵਾ ਤੂਫਾਨ ਵਿੱਚ ਤਬਦੀਲ ਹੋਈ
ਕਾਂਗਰਸ ‘ਵਿਧਾਇਕ ਐਕਸਚੇਂਜ ਪਾਰਟੀ’ ਬਣੀ
ਲੋਕਾਂ ਦੀ ਦੌਲਤ ਲੁੱਟਣ ਲਈ ਭਾਜਪਾ ਦੀ ਕੀਤੀ ਆਲੋਚਨਾ
ਭਾਵਨਗਰ (ਗੁਜਰਾਤ), 16 ਅਕਤੂਬਰ-( ਰਾਜੇਸ਼ ਜੈਨ, ਭਗਵਾਨ ਭੰਗੂ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ।
ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਹੱਕ ਵਿੱਚ ਵਗਣ ਵਾਲੀ ਹਵਾ, ਹਨੇਰੀ ਵਿੱਚ ਤਬਦੀਲ ਹੋ ਗਈ ਹੈ। ਕਾਂਗਰਸ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਗੁਜਰਾਤ ਵਿੱਚ ਤਬਦੀਲੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ ਪਰ ਇਹ ਪਾਰਟੀ ‘ਐਮਐਲਏ ਐਕਸਚੇਂਜ ਪਾਰਟੀ’ ਬਣ ਕੇ ਰਹਿ ਗਈ ਹੈ ਕਿਉਂਕਿ ਇਸ ਦੇ ਜ਼ਿਆਦਾਤਰ ਵਿਧਾਇਕ ਦੂਜੀਆਂ ਪਾਰਟੀਆਂ ਵੱਲੋਂ ਆਪਣੇ ਵਿੱਚ ਰਲ਼ਾਏ ਜਾ ਰਹੇ ਹਨ। ਸੂਬੇ ਵਿੱਚ ਆਮ ਲੋਕਾਂ ਦੀ ਤਰਸਯੋਗ ਹਾਲਤ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਲੋਕਾਂ ਦੀ ਦੌਲਤ ਲੁੱਟਣ ਲਈ ਜ਼ਿੰਮੇਵਾਰ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿੱਚ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੋ ਹਾਲਾਤ ਸਨ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਆਏਗੀ।
ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ਵਿੱਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30 ਹਜ਼ਾਰ ਤੋਂ ਵੱਧ ਠੇਕੇ ਉਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕ ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਵਧੀਆ ਤਰੀਕੇ ਨਾਲ ਸਿੱਝਣ ਲਈ ਸੂਬਾ ਸਰਕਾਰ ਨੇ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਜਿੱਥੇ ਇਕ ਪਾਸੇ ਬੇਸਹਾਰਾ ਪਸ਼ੂਆਂ ਦੀ ਹਾਦਸਿਆਂ ਵਿੱਚ ਜਾਂਦੀ ਜਾਨ ਬਚਾਉਣਾ ਹੈ, ਉਥੇ ਦੂਜੇ ਪਾਸੇ ਗਊਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈੱਸ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।