ਮੋਗਾ, 22 ਅਕਤੂਬਰ ( ਕੁਲਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਤਿਓਹਾਰ
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਹੈ ਕਿ ਦੀਵਾਲੀ ਦਾ ਤਿਓਹਾਰ ਸਭ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਮਨੁੱਖੀ ਜੀਵਨ ਲਈ ਮਾਰੂ ਬਿਮਾਰੀਆਂ ਦਾ ਜ਼ਰੀਆ ਬਣਦਾ ਹੈ ਅਤੇ ਵੱਡੇ ਪਟਾਖਿਆਂ ਦੀ ਵਰਤੋਂ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਘਾਤਕ ਸਿੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਪਟਾਖ਼ੇ ਰਹਿਤ ਮਨਾਈ ਜਾਵੇ ਅਤੇ ਇੱਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧੇਰੇ ਮਜ਼ਬੂਤ ਕੀਤਾ ਜਾਵੇ।