ਫ਼ਤਹਿਗੜ੍ਹ ਸਾਹਿਬ, 26 ਅਕਤੂਬਰ: ( ਬੌਬੀ ਸਹਿਜਲ, ਧਰਮਿੰਦਰ) -ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸ਼ਕੀ ਸੁਧਾਰਾਂ ਵਿੱਚ ਇਨਕਲਾਬੀ ਕਦਮ ਪੁੱਟਦੇ ਹੋਏ ਸੇਵਾ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਆਮ ਲੋਕਾਂ ਦੀ ਸਹੂਲਤ ਲਈ ਖੋਲੇ ਗਏ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ 425 ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਇਹ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ ਅਤੇ ਜੇਕਰ ਕੋਈ ਅਧਿਕਾਰੀ ਨਿਸ਼ਚਿਤ ਸਮੇਂ ਅੰਦਰ ਸੇਵਾਂਵਾ ਮੁਹੱਈਆ ਨਹੀਂ ਕਰਵਾਉਂਦਾ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਜਾਂ ਜੁਰਮਾਨਾਂ ਹੋ ਸਕਦਾ ਹੈ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਸਕੱਤਰ ਡਾ: ਇੰਦੂ ਮਲਹੋਤਰਾ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ, ਨੇ ਸੇਵਾ ਕੇਂਦਰ ਦੀ ਚੈਕਿੰਗ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਡਾ: ਇੰਦੂ ਮਲਹੋਤਰਾ ਨੇ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੇ ਰੋਜ਼ਾਨਾਂ ਦੇ ਕੰਮਾਂ-ਕਾਰਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ ਜਿਸ ਨਾਲ ਜਿਥੇ ਲੋਕਾਂ ਦੀ ਖੱਜਲ ਖੁਆਰੀ ਵੱਧਦੀ ਸੀ ਅਤੇ ਭ੍ਰਿਸ਼ਟਾਚਾਰ ਨੂੰ ਵੀ ਬੜਾਵਾ ਮਿਲਦਾ ਸੀ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚੋਂ ਰਿਸ਼ਵਤਖੋਰੀ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਅਹਿਮ ਉਪਰਾਲਿਆਂ ਕਾਰਨ ਲੋਕਾਂ ਦੇ ਕੰਮ ਹੁਣ ਤੈਅ ਸਮੇਂ ਅੰਦਰ ਹੋ ਜਾਂਦੇ ਹਨ ਅਤੇ ਲੋਕਾਂ ਨੂੰ ਕੀਮਤੀ ਸਮੇਂ ਤੇ ਪੈਸੇ ਦੀ ਬੱਚਤ ਵੀ ਹੁੰਦੀ ਹੈ। ਉਨ੍ਹਾਂ ਹੋਰ ਕਿਹਾ ਕਿ ਸੇਵਾ ਕੇਂਦਰ ਖੁਲਣ ਨਾਲ ਜਿਥੇ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਵਧੀ ਹੈ ਉਥੇ ਹੀ ਅਧਿਕਾਰੀਆਂ ਦੀ ਜਵਾਬਦੇਹੀ ਵੀ ਨਿਰਧਾਰਤ ਕੀਤੀ ਜਾਂਦੀ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਮੌਕੇ ਸੇਵਾ ਕੇਂਦਰ ਵਿੱਚ ਆਪਣੇ ਕੰਮਾਂ ਲਈ ਸੇਵਾ ਕੇਂਦਰ ਵਿੱਚ ਆਏ ਵਿਅਕਤੀਆਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਜੋ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਹ ਤੈਅ ਸਮੇਂ ਅੰਦਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਇਸ ਕੰਮ ਲਈ ਸੇਵਾ ਕੇਂਦਰ ਦੇ ਸਟਾਫ ਨਾਲ ਸਮੇਂ-ਸਮੇਂ ਤੇ ਮੀਟਿੰਗਾਂ ਵੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਬਜੁਰਗਾਂ, ਦਿਵਿਆਂਗ ਵਿਅਕਤੀਆਂ ਅਤੇ ਔਰਤਾਂ ਲਈ ਵੱਖਰੇ ਕਾਊਂਟਰ ਲਗਾਏ ਗਏ ਹਨ। ਇਸ ਤੋਂ ਇਲਾਵਾ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ।
ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਸ਼੍ਰੀ ਬਾਦਲਦੀਨ, ਸੇਵਾ ਕੇਂਦਰ ਦੇ ਸ਼੍ਰੀ ਕੁਲਜੀਤ ਸਿੰਘ ਅਤੇ ਅਮਨਦੀਪ ਸਿੰਘ ਤੋ. ਇਲਾਵਾ ਹੋਰ ਅਧਿਕਾਰੀ ਤੇ ਆਮ ਲੋਕ ਹਾਜਰ ਸਨ।