ਮੋਗਾ, 26 ਅਕਤੂਬਰ (ਕੁਲਵਿੰਦਰ ਸਿੰਘ)- -ਸਰਕਾਰ ਦੀਆਂ ਹਦਾਇਤਾਂ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਿੱਚ ਨੰਬਰਦਾਰ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਹਰੇਕ ਪਿੰਡ ਪੱਧਰ ਉੱਤੇ ਜਾਗਰੂਕਤਾ ਫੈਲਾਈ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਵਾਤਾਵਰਨ ਸੰਕਟ ਅਤੇ ਉਹਨਾਂ ਨੂੰ ਭੁਗਤਣੇ ਪੈਣੇ ਨਤੀਜਿਆਂ ਬਾਰੇ ਦੱਸਿਆ ਜਾਵੇ।
ਨੰਬਰਦਾਰਾਂ ਨੂੰ ਮੀਟਿੰਗ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਅਤੇ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਨੰਬਰਦਾਰਾਂ ਨੂੰ ਰੋਜਾਨਾ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਸਮੈਂਟ ਕਰਵਾਉਣ ਬਾਰੇ ਵੀ ਕਿਹਾ ਗਿਆ।ਉਨਾਂ ਵਲੋਂ ਨੰਬਰਦਾਰਾਂ ਨੂੰ ਕਿਹਾ ਗਿਆ ਕਿ ਨੰਬਰਦਾਰ ਦੀ ਪਿੰਡ ਵਿੱਚ ਅਹਿਮ ਭੂਮਿਕਾ ਹੁੰਦੀ ਹੈ।ਉਨਾਂ ਵਲੋਂ ਸਮੂਹ ਨੰਬਰਦਾਰਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਪਿੰਡਾਂ ਦੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਬਾਰੇ ਵੀ ਦੱਸਿਆ ਜਾਵੇ।
ਨੰਬਰਦਾਰ ਐਸੋਸੀਏਸ਼ਨ ਗਾਲਿਬ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਆਪਣੇ ਪਿੰਡ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੇਣਗੇ। ਇਸ ਮੌਕੇ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੇ ਜਨਰਲ ਸਕੱਤਰ ਰਵੀ ਇੰਦਰਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।