ਮੋਗਾ, 28 ਅਕਤੂਬਰ ( ਕੁਲਵਿੰਦਰ ਸਿੰਘ) -ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪ੍ਰਭਾਰੀ ਸਕੱਤਰ ਜ਼ਿਲ੍ਹਾ ਮੋਗਾ ਸ਼੍ਰੀ ਡੀ ਕੇ ਤਿਵਾੜੀ ਨੇ ਅੱਜ ਜ਼ਿਲ੍ਹਾ ਮੋਗਾ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੀ ਮੌਜੂਦ ਸਨ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਮੁੱਖ ਸਕੱਤਰ ਸ਼੍ਰੀ ਤਿਵਾੜੀ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਕਾਸ ਪ੍ਰਾਜੈਕਟਾਂ ਸਬੰਧੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਨੂੰ ਵਿਭਾਗ ਜਾਂ ਸਰਕਾਰ ਦੇ ਪੱਧਰ ’ਤੇ ਉਠਾ ਕੇ ਫੌਰੀ ਹੱਲ ਕਰਵਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਾਜੈਕਟ ਵਾਈਜ਼ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਪ੍ਰਮੁੱਖ ਸਕੱਤਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਉਤਸ਼ਾਹੀ ਜ਼ਿਲ੍ਹਾ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕਾਰਜਾਂ, ਤਿੰਨ ਸਨਅਤੀ ਪ੍ਰੋਜੈਕਟਾਂ, ਯੂਥ ਸਟਾਰਟ ਅੱਪ ਪ੍ਰੋਗਰਾਮ, ਆਯੂਸ਼ ਹਸਪਤਾਲ, ਖਰੀਦ ਪ੍ਰਬੰਧਾਂ, ਆਮ ਆਦਮੀ ਕਲੀਨਿਕ, ਸੇਵਾ ਕੇਂਦਰਾਂ, ਦੌਧਰ ਵਾਟਰ ਸਪਲਾਈ ਪ੍ਰੋਜੈਕਟ ਅਤੇ ਅਨੀਮਿਆ ਮੁਕਤ ਮੋਗਾ ਪ੍ਰੋਗਰਾਮ ਦੀ ਵੀ ਸਮੀਖਿਆ ਕੀਤੀ।
ਵੱਖ-ਵੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਕਸਪ੍ਰੈਸਵੇ ਅਤੇ ਐੱਨ.ਐੱਚ. ਨੂੰ ਚੌੜਾ ਕਰਨ ਤਹਿਤ ਸੌ ਫੀਸਦੀ ਜ਼ਮੀਨ ਦੇ ਕਬਜ਼ੇ ਦੀ ਪ੍ਰਕਿਰਿਆ ਮੁਕੰਮਲ ਕਰਕੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਸਪੁਰਦ ਜਲਦ ਕੀਤੀ ਜਾ ਰਹੀ ਹੈ। ਪ੍ਰਮੁੱਖ ਸਕੱਤਰ ਨੇ ਕਬਜ਼ੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਰਾਸ਼ਟਰੀ ਮਹੱਤਤਾ ਵਾਲੇ ਪ੍ਰਾਜੈਕਟਾਂ ਦੇ ਨਿਰਮਾਣ ਦਾ ਰਾਹ ਪੱਧਰਾ ਹੋ ਸਕੇ।ਪ੍ਰਮੁੱਖ ਸਕੱਤਰ ਨੇ ਇਸ ਦੌਰਾਨ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਮੁਸਤੈਦੀ ਵਰਤਣ ਦੇ ਨਾਲ-ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਰਾਏ ’ਤੇ ਮਸ਼ੀਨਾਂ ਉਪਲਬਧ ਕਰਾਉਣ ਲਈ ਹਰ ਤਰ੍ਹਾਂ ਨਾਲ ਸਹੂਲਤ ਦਿੱਤੀ ਜਾ ਰਹੀ ਹੈ। ਆਈ ਖੇਤ ਐਪ ’ਤੇ ਜ਼ਿਲ੍ਹੇ ਦੇ ਕਸਟਮਰ ਹਾਈਰਿੰਗ ਸੈਂਟਰਾਂ ਪਾਸ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਵਿੱਚ ਨੋਡਲ ਅਤੇ ਕਲਸਟਰ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ।ਇਸ ਦੌਰਾਨ ਪ੍ਰਮੁੱਖ ਸਕੱਤਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟਾ, ਸਰਫੇਸ ਵਾਟਰ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਲੋਕ ਹਿੱਤੂ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਨ੍ਹਾਂ ਪ੍ਰਾਜੈਕਟਾਂ ਦਾ ਫਾਇਦਾ ਮਿਲ ਸਕੇ। ਇਸ ਤੋਂ ਬਾਅਦ ਉਹਨਾਂ ਨੇ ਪਿੰਡ ਲੰਢੇਕੇ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਵੀ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਪਿੰਡ ਡਾਲਾ ਵਿਖੇ ਚਲਾਈ ਜਾ ਰਹੀ ਸਹਿਕਾਰੀ ਸਭਾ ਦਾ ਵੀ ਦੌਰਾ ਕੀਤਾ ਅਤੇ ਸਭਾ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਜੇਕਰ ਹਰੇਕ ਸਭਾ ਇਸੇ ਤਰ੍ਹਾਂ ਕੰਮ ਕਰੇ ਤਾਂ ਉਹ ਆਪਣੇ ਪਿੰਡ ਦਾ ਅਤੇ ਲੋਕਾਂ ਦਾ ਬਹੁਤ ਭਲਾ ਕਰ ਸਕਦੀ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐਸ.ਡੀ.ਐਮ. ਰਾਮ ਸਿੰਘ, ਐੱਸ ਐੱਸ ਪੀ ਗੁਲਨੀਤ ਸਿੰਘ ਖੁਰਾਣਾ, ਸਹਾਇਕ ਕਮਿਸ਼ਨਰ ਸੁਜਾਵਲ ਜੱਗਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
