12 ਨਵੰਬਰ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ
ਮਾਲੇਰਕੋਟਲਾ 31 ਅਕਤੂਬਰ : ( ਰਾਜਨ ਜੈਨ, ਰੋਹਿਤ ਗੋਇਲ) -ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਉੱਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ 13 ਨਵੰਬਰ ਤੱਕ ਚੱਲਣ ਵਾਲੇ ਪੈਨ ਇੰਡੀਆ ਅਵੈਰਨੈੱਸ ਅਤੇ ਆਊਟਰੀਚ ਪ੍ਰੋਗਰਾਮ ਉਲੀਕਿਆ ਗਿਆ ਹੈ । ਇਸ ਗੱਲ ਦੀ ਜਾਣਕਾਰੀ ਚੇਅਰਪਰਸਨ ਸਬ ਡਵੀਜ਼ਨਲ ਲੀਗਲ ਸਰਵਿਸ ਅਥਾਰਟੀ ਮਾਲੇਰਕੋਟਲਾ ਸ੍ਰੀਮਤੀ ਰੂਪਾ ਧਾਲੀਵਾਲ ਨੇ ਦਿੰਦਿਆ ਕਿਹਾ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਰਜਿਦਰ ਸਿੰਘ ਰਾਏ ਅਤੇ ਸਿਵਲ ਜੱਜ ਸਨੀਅਰ ਡਵੀਜਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਪੀ.ਐਸ. ਕਾਲੇਕਾ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਮਾਲੇਰਕੋਟਲਾ ਅਧੀਨ ਪੈਨ ਇੰਡੀਆ ਮੁਹਿੰਮ ਤਹਿਤ “ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਰਾਹੀਂ ਨਾਗਰਿਕਾਂ ਦਾ ਸਸ਼ਕਤੀਕਰਨ” ਮੁਹਿੰਮ ਸ਼ੁਰੂ ਕੀਤੀ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਮੁਹਿੰਮ ਤਹਿਤ ਹਾਸ਼ੀਏ ‘ ਤੇ ਅਤੇ ਗਰੀਬ ਲੋੜਵੰਦਾ ਦੇ ਨਾਲ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹੇ ਦੇ ਸਮੂਹ ਕਸਬਿਆਂ ,ਸ਼ਹਿਰਾਂ, ਪਿੰਡਾਂ ਆਦਿ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ । ਇਸ ਤੋਂ ਇਲਾਵਾ ਸਾਰੇ ਇਲਾਕਿਆਂ ਦੇ ਨਾਲ-ਨਾਲ ਸਬ ਜੇਲ੍ਹ ਅਤੇ ਸਪੈਸ਼ਲ ਹੋਮ ਨੂੰ ਵੀ ਕਵਰ ਕੀਤਾ ਜਾਵੇਗਾ।
ਚੇਅਰਪਰਸਨ ਸਬ ਡਵੀਜ਼ਨਲ ਲੀਗਲ ਸਰਵਿਸ ਅਥਾਰਟੀ ਮਾਲੇਰਕੋਟਲਾ ਸ੍ਰੀਮਤੀ ਰੂਪਾ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਅੱਜ ਤੋਂ 13 ਨਵੰਬਰ ਤੱਕ ਦੇਸ਼ ਵਿਆਪੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਸਿੰਘ ਰਾਏ ਦੀ ਅਗਵਾਈ ਵਿਚ ਜ਼ਿਲ੍ਹੇ ਦੇ 176 ਪਿੰਡਾਂ, ਸ਼ਹਿਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਇਸ ਜਾਗਰੂਕਤਾ ਮੁਹਿੰਮ ਦਾ ਉਪਰਾਲਾ ਆਮ ਲੋਕਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦੇਣਾ ਹੈ। ਇਸ ਤੋਂ ਇਲਾਵਾ ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਰਾਹੀਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਲੇਰਕੋਟਲਾ ਦੁਆਰਾ ਜ਼ਿਲ੍ਹੇ ਵਿੱਚ ਪੈਂਦੇ ਕਰੀਬ 176 ਪਿੰਡਾਂ ਤੱਕ ਪਹੁੰਚ ਕੀਤੀ ਜਾਵੇਗੀ । ਇਸ ਜਾਗਰੂਕਤਾ ਅਭਿਆਨ ਤਹਿਤ ਪੈਰਾ ਲੀਗਲ ਵਲੰਟੀਅਰਜ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ ਜਿਥੇ ਘਰ-ਘਰ ਜਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨਗੇ ਉਥੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲਾਂ-ਕਾਲਜਾਂ ਵਿੱਚ ਸੈਮੀਨਾਰ ਕਰਵਾ ਕੇ ਆਮ ਲੋਕਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜਾਗਰੁਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਡੋਰ ਟੂ ਡੋਰ ਰਾਬਤਾ ਕੀਤਾ ਜਾਵੇਗਾ, ਮੇਘਾ ਲੀਗਲ ਸਰਵਿਸਿਜ਼ ਕੈਂਪ ਲਗਾਏ ਜਾਣਗੇ ਅਤੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਜਾਗਰੁਕਤਾ ਸੈਮੀਨਾਰ ਹੋਣਗੇ। ਇਸ ਤੋਂ ਇਲਾਵਾ 9 ਨਵੰਬਰ 2022 ਨੂੰ ਲੀਗਲ ਸਰਵਿਸਿਜ਼ ਡੇਅ ਮਨਾਇਆ ਜਾਵੇਗਾ ਅਤੇ 12 ਨਵੰਬਰ 2022 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ।