Home Political ਪੰਚਾਇਤ ਮੰਤਰੀ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ...

ਪੰਚਾਇਤ ਮੰਤਰੀ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੀ ਕੀਤੀ ਅਪੀਲ

62
0


ਲੁਧਿਆਣਾ, 31 ਅਕਤੂਬਰ ( ਬੌਬੀ ਸਹਿਜਲ, ਧਰਮਿੰਦਰ ) – ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾ ਕੇ ਸਮਾਜ ਨੂੰ ਇਸ ਅਲਾਮਤ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ‘ਚ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਈ ਕਦਮ ਚੁੱਕੇ ਜਾ ਰਹੇ ਹਨ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਕਰਵਾਏ ਜਾ ਰਹੇ ਤੀਸਰੇ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਔਰਤਾਂ ਵਿੱਚ ਬਹੁਪੱਖੀ ਕਾਰਜ ਕਰਨ ਦੀ ਬਹੁਤ ਵੱਡੀ ਕਾਬਲੀਅਤ ਹੈ ਅਤੇ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਮੋਹਰੀ ਹੋ ਕੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਅਹਿਤ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਸਰਪੰਚਾਂ ਸਮਾਜਕ ਬੁਰਾਈਆਂ ਨੂੰ ਦੂਰ ਕਰਨ ਲਈ ਆਪਣੀ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਅਮਲ ਨਾਲ ਲੋਕਾਂ ਲਈ ਚਾਨਣ ਮੁਨਾਰਾ ਬਣ ਸਕਦੀਆਂ ਹਨ ਕਿਉਂਕਿ ਉਹ ਆਪਣੇ ਪਰਿਵਾਰਾਂ ਦਾ ਸੁਚੱਜਾ ਪ੍ਰਬੰਧ ਕਰਦੀਆਂ ਹਨ।
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਦਿਨ ਗਏ ਜਦੋਂ ਔਰਤਾਂ ਨੂੰ ਘਰੋਂ ਬਾਹਰ ਨਿਕਲਣ ਲਈ ਵੀ ਇਜਾਜ਼ਤ ਦੀ ਲੋੜ ਹੁੰਦੀ ਸੀ। 21ਵੀਂ ਸਦੀ ਵਿੱਚ, ਔਰਤਾਂ ਹਰ ਖੇਤਰ ਵਿੱਚ ਉੱਤਮ ਹਨ ਅਤੇ ਆਪਣੇ ਜਿੰਮੇਵਾਰੀ ਪੂਰੀ ਕੁਸ਼ਲਤਾ ਨਾਲ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜ ਓਨੀ ਦੇਰ ਤਰੱਕੀ ਨਹੀਂ ਕਰ ਸਕਦਾ ਜੇਕਰ ਉਸ ਦੀਆਂ ਵਿਕਾਸ ਨੀਤੀਆਂ ਵਿੱਚ ਔਰਤਾਂ ਪੂਰੀ ਤਰ੍ਹਾਂ ਭਾਗੀਦਾਰ ਨਾ ਹੋਣ ਅਤੇ ਉਨ੍ਹਾਂ ਮਹਿਲਾ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਦੂਜਿਆਂ ਨੂੰ ਆਪਣੀ ਡਿਊਟੀ ਵਿੱਚ ਭਾਗੀਦਾਰ ਨਾ ਬਣਾਉਣ। ਇਸ ਸਬੰਧੀ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਹਾਲਤ ਵਿੱਚ ਮਹਿਲਾ ਸਰਪੰਚ ਜਾਂ ਪੰਚ ਦਾ ਪਤੀ/ਪੁੱਤਰ ਜਾਂ ਰਿਸ਼ਤੇਦਾਰ ਦਫ਼ਤਰੀ ਕੰਮ ਵਿੱਚ ਦਖ਼ਲ ਨਹੀਂ ਦੇਵੇਗਾ।ਇਸ ਮੌਕੇ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 6500 ਦੇ ਕਰੀਬ ਪਿੰਡਾਂ ਦੀਆਂ ਪੰਚਾਇਤਾਂ ਮਹਿਲਾ ਸਰਪੰਚਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ ਅਤੇ ਜੇਕਰ ਉਹ ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਤਾਂ ਇਸ ਅਲਾਮਤ ਨੂੰ ਸਫਲਤਾਪੂਰਵਕ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਔਰਤਾਂ ਨੂੰ ਹੋਰ ਵਿੰਗ ਦੇਣ ਲਈ ਵਚਨਬੱਧ ਹਨ ਕਿਉਂਕਿ ਉਹ ਸਮਾਜ ਦੇ ਥੰਮ੍ਹ ਹਨ ਅਤੇ ਜਦੋਂ ਔਰਤਾਂ ਸਸ਼ਕਤ ਹੁੰਦੀਆਂ ਹਨ ਤਾਂ ਪੂਰਾ ਸਮਾਜ ਸਸ਼ਕਤ ਹੁੰਦਾ ਹੈ।ਇਸ ਦੌਰਾਨ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਜੁਆਇੰਟ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਵੀ ਸੰਬੋਧਨ ਕਰਦਿਆਂ ਪੰਚਾਇਤਾਂ ਦੀਆਂ ਮਹਿਲਾ ਨੁਮਾਇੰਦਿਆਂ ਨੂੰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਸਮਾਜ ਵਿੱਚ ਰੋਲ ਮਾਡਲ ਬਣਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ, ਐਸ.ਡੀ.ਐਮ. ਸ੍ਰੀਮਤੀ ਸਵਾਤੀ ਟਿਵਾਣਾ, ਡਿਪਟੀ ਡਾਇਰੈਕਟਰ (ਪੇਂਡੂ ਵਿਕਾਸ ਤੇ ਪੰਚਾਇਤਾਂ) ਜਤਿੰਦਰ ਬਰਾੜ, ਡੀ.ਡੀ.ਪੀ.ਓ. ਨਵਨੀਤ ਜੋਸ਼ੀ ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here