ਮਾਲੇਰਕੋਟਲਾ 03 ਨਵੰਬਰ ( ਸਤੀਸ਼ ਕੋਹਲੀ, ਜੱਸੀ ਢਿੱਲੋਂ) -ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਮੁਸਤੈਦੀ ਵਰਤਣ ਦੇ ਨਾਲ-ਨਾਲ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਜਿਸ ਸਦਕਾ ਜ਼ਿਲ੍ਹੇ ਮਾਲੇਰਕੋਟਲਾ ਵਿੱਚ ਅੱਗਾ ਲਗਾਉਣ ਦਾ ਰੁਝਾਨ ਘਟਿਆ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ (2021 ਦੌਰਾਨ) 100 ਫ਼ੀਸਦੀ ਵਾਢੀ ਮੁਕੰਮਲ ਹੋਣ ਉਪਰੰਤ 1383 ਸਥਾਨਾਂ ਤੇ ਅੱਗਾਂ ਲੱਗਣ ਦੀਆਂ ਘਟਨਾਵਾਂ ਦਰਜ ਹੋਈਆ ਸਨ ਲੇਕਿਨ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 56ਫ਼ੀਸਦੀ ਝੋਨੇ ਦੀ ਵਾਢੀ ਮੁਕੰਮਲ ਹੋ ਚੁੱਕੀ ਅਤੇ ਉਪਗ੍ਰਹਿ ਜਰੀਏ ਮਿਲੇ ਸੂਚਨਾ ਦੇ ਅਧਾਰ ਤੇ 304 ਸਥਾਨਾਂ ਤੇ ਅੱਗਾਂ ਲੱਗਣ ਦੀਆਂ ਘਟਨਾਵਾਂ ਦਰਜ ਹੋਈਆ ਹਨ ਜੋ ਕਿ ਪਿਛਲੇ ਸਾਲ ਨਾਲੋਂ ਤੁਲਨਾਤਮਿਕ ਤੌਰ ਤੇ ਕਰੀਬ ਪਿਛਲੇ ਸਾਲ ਨਾਲੋਂ 30 ਫ਼ੀਸਦੀ ਘੱਟ ਹਨ । ਉਨ੍ਹਾਂ ਆਸ ਕੀਤੀ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਅੱਗ ਲੱਗਣ ਦੇ ਰੁਝਾਨ ਵਿੱਚ ਕਮੀ ਹੋਰ ਆਵੇਗੀ । ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਿੱਥੇ ਕਿ ਜ਼ਿਲ੍ਹੇ ਦਾ ਹਰੇਕ ਨਾਗਰਿਕ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇ ਕੇ ਆਪਣੇ ਸੁਨਹਿਰੇ ਭਵਿੱਖ ਲਈ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਚੌਗਿਰਦਾ ਉਸਾਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਚੱਲੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਉਪਗ੍ਰਹਿ ਜਰੀਏ ਮਿਲੀਆਂ ਸੂਚਨਾਵਾਂ ਦੇ ਅਧਾਰ ਤੇ ਅੱਗਾ ਲੱਗਣ ਵਾਲੇ ਸਥਾਨਾਂ ਦੀ ਸੂਚਨਾ ਵਿੱਚ ਇਜ਼ਾਫਾ ਹੋਇਆ ਹੈ, ਲੇਕਿਨ ਕੁਲ ਰਕਬਾ ਅੱਗਾਂ ਅਧੀਨ ਘਟਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਰਾਏ ’ਤੇ ਮਸ਼ੀਨਾਂ ਉਪਲਬਧ ਕਰਾਉਣ ਲਈ ਹਰ ਤਰ੍ਹਾਂ ਨਾਲ ਸਹੂਲਤ ਦਿੱਤੀ ਜਾ ਰਹੀ ਹੈ। ਆਈ ਖੇਤ ਐਪ ’ਤੇ ਜ਼ਿਲ੍ਹੇ ਦੇ ਕਸਟਮਰ ਹਾਈਰਿੰਗ ਸੈਂਟਰਾਂ ਪਾਸ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਆਪਣੇ ਖੇਤਾਂ ਵਿੱਚ ਹੀ ਦਬਾਉਣ ਨੂੰ ਤਰਜੀਹ ਦੇਣ । ਉਨ੍ਹਾਂ ਕਿਹਾ ਅਜਿਹਾ ਕਰਨ ਨਾਲ ਜ਼ਮੀਨ ਵਿੱਚ ਜੈਵਿਕ ਮਾਦਾ ਵੱਧ ਦਾ ਹੈ, ਖਾਦਾਂ ਦੇ ਖ਼ਰਚੇ ਘੱਟ ਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ । ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ । ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਵਿਰੁੱਧ ਮੁਹਿੰਮ ਵਿੱਢੀ ਗਈ ਹੈ ਉਸੇ ਤਹਿਤ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਵੇਦਨਸ਼ੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਸਮਾਜਿਕ ਦੀ ਨੁਮਾਇੰਦਗੀ ਕਰਨ ਵਾਲੇ ਮੁਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਨ ਅਤੇ ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਸਿਹਤ ਅਤੇ ਸਿੱਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਉਣ।ਲੋਕਹਿੱਤ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
