– ਰਿਸ਼ਵਤਖੋਰੀ ਵਿਰੁੱਧ ਹੈਲਪ ਲਾਈਨ 1800-1800-1000 ਜਾਂ ਵੈਬਸਾਈਟ www.vigilanceburaeupunjab.org ਕੀਤਾ ਜਾ ਸਕਦੈ ਸੰਪਰਕ
ਫ਼ਤਹਿਗੜ੍ਹ ਸਾਹਿਬ, 03 ਨਵੰਬਰ: ( ਵਿਕਾਸ ਮਠਾੜੂ, ਮੋਹਿਤ ਜੈਨ) -ਵਿਕਸਤ ਸਮਾਜ ਵਿੱਚ ਭ੍ਰਿਸ਼ਟਾਚਾਰ ਇੱਕ ਅਜਿਹੇ ਦੀਮਕ ਵਾਂਗ ਹੈ ਜੋ ਕਿ ਸਾਡੀਆਂ ਜੜ੍ਹਾਂ ਨੂੰ ਖੋਖਲਾ ਕਰਦਾ ਹੈ ਅਤੇ ਜਿਸ ਤਰ੍ਹਾਂ ਰਿਸ਼ਵਤ ਮੰਗਣਾ ਕਾਨੂੰਨੀ ਜੁਰਮ ਹੈ ਉਸੇ ਤਰ੍ਹਾਂ ਰਿਸ਼ਵਤ ਦੇਣਾ ਵੀ ਅਪਰਾਧ ਹੈ। ਇਸ ਲਈ ਭ੍ਹਿਸ਼ਟਾਚਾਰ ਵਰਗੀ ਲਾਹਣਤ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਲੋਕ ਲਹਿਰ ਚਲਾਉਣੀ ਪਵੇਗੀ ਤਾਂ ਜੋ ਸਾਡਾ ਸੂਬਾ ਭ੍ਹਿਸ਼ਟਾਚਾਰ ਮੁਕਤ ਬਣ ਸਕੇ। ਇਹ ਪ੍ਰਗਟਾਵਾ ਵਿਜੀਲੈਂਸ ਬਿਊਰੋ ਰੂਪ ਨਗਰ ਦੇ ਐਸ.ਐਸ.ਪੀ. ਸ਼੍ਰੀ ਦਲਜੀਤ ਸਿੰਘ ਰਾਣਾ ਨੇ ਵਿਜੀਲੈਂਸ ਬਿਊਰੋ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਮਾਤਾ ਗੁਜਰੀ ਕਾਲਜ਼ ਵਿਖੇ ਕਰਵਾਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਸਮਾਜ ਵਿੱਚੋਂ ਭ੍ਹਿਸ਼ਟਾਚਾਰ ਦੇ ਖਾਤਮੇ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਸਮਾਜ ਨੂੰ ਭ੍ਹਿਸ਼ਟਾਚਾਰ ਮੁਕਤ ਬਣਾਉਣਾ ਵਿਜੀਲੈਂਸ ਬਿਊਰੋ ਦਾ ਮੁੱਖ ਮੰਤਵ ਹੈ। ਰਾਣਾ ਨੇ ਕਿਹਾ ਕਿ ਆਮ ਤੌਰ ਤੇ ਇਹ ਧਾਰਨਾ ਬਣੀ ਹੋਈ ਹੈ ਕਿ ਸਰਕਾਰੀ ਕੰਮ ਕਰਵਾਉਣ ਲਈ ਪੈਸੇ ਦੇਣੇ ਪੈਂਦੇ ਹਨ ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਦਾ ਖਾਤਮਾ ਸਾਡੇ ਤੇ ਨਿਰਭਰ ਕਰਦਾ ਹੈ ਅਤੇ ਜੇਕਰ ਅਸੀਂ ਇਹ ਧਾਰਨਾ ਨੂੰ ਜੜ੍ਹੋਂ ਪੁੱਟ ਸੁੱਟੀਏ ਤਾਂ ਅਜਿਹਾ ਕੋਈ ਕਾਰਨ ਨਹੀਂ ਕਿ ਸਾਡੇ ਸੂਬੇ ਵਿੱਚੋਂ ਰਿਸ਼ਵਤਖੋਰੀ ਦਾ ਖਾਤਮਾ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਮੰਤਵ ਲਈ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਇਸ ਹੈਲਪ ਲਾਈਨ ਤੇ ਆ ਰਹੀਆਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਦੇ ਹੋਏ ਭ੍ਰਿਸ਼ਟ ਲੋਕਾਂ ਨੂੰ ਜੇਲਾਂ ਅੰਦਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਸਮਾਜ ਵਿੱਚੋਂ ਰਿਸ਼ਵਤਖੋਰੀ ਦੇ ਖਾਤਮੇ ਵਿੱਚ ਯੋਗਦਾਨ ਦੇਣ ਲਈ ਪ੍ਰਣ ਵੀ ਦਿਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸ਼ਿਸ਼ਟ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਸਮਾਜ ਵਿੱਚ ਪਣਪ ਰਹੀਆਂ ਬੁਰਾਈਆਂ ਦੇ ਖਾਤਮੇ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਰਿਸ਼ਵਤਖੋਰੀ ਇੱਕ ਅਜਿਹੀ ਲਾਹਣਤ ਹੈ ਜਿਸ ਦਾ ਖਾਤਮਾ ਹਰੇਕ ਵਰਗ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ ਕੱਲ ਦੇ ਲੀਡਰ ਹੁੰਦੇ ਹਨ ਇਸ ਲਈ ਵਿਦਿਆਰਥੀ ਨੂੰ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਰਿਸ਼ਵਤਖੋਰੀ ਦਾ ਕੋਈ ਮਾਮਲਾ ਆਉਂਦਾ ਹੈ ਤਾਂ ਉਸ ਬਾਰੇ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵ ੇ। ਸ ਮੌਕੇ ਵਿਜੀਲੈਂਸ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਡੀ.ਐਸ.ਪੀ. ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਜਾਂ ਕਰਮਚਾਰੀਆਂ ਵੱਲੋਂ ਰਿਸ਼ਵਤ ਦੀ ਮੰਗ ਕਰਨ ਤੇ ਹੈਲਪ ਲਾਈਨ ਨੰ: 1800-1800-1000 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਐਂਟੀ ਕਰਪਸ਼ਨ ਐਪ ਦੇ ਨੰਬਰ 95012-00200 ਜਾਂ ਵੈਬਸਾਈਟ www.vigilanceburaeupunjab.org ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਮਾਤਾ ਗੁਜਰੀ ਕਾਲਜ਼ ਦੇ ਪ੍ਰਿੰਸੀਪਲ ਡਾ: ਕਸ਼ਮੀਰ ਸਿੰਘ, ਵਿਜੀਲੈਂਸ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਇੰਸਪੈਕਟਰ ਰੇਣੂ ਬਾਲਾ, ਐਸ.ਆਈ. ਬਲਜਿੰਦਰ ਸਿੰਘ, ਐਸ.ਆਈ. ਵਾਸਦੇਵ, ਏ.ਐਸ.ਆਈ. ਦਲਵਿੰਦਰ ਸਿੰਘ, ਪੇਂਡੂ ਵਿਕਾਸ ਵਿਭਾਗ ਦੇ ਹਰਪ੍ਰੀਤ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਗੁਰਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ ਅਤੇ ਸਟਾਫ ਮੈਂਬਰ ਮੌਜੂਦ ਸਨ।
