ਫ਼ਤਹਿਗੜ੍ਹ ਸਾਹਿਬ, 04 ਨਵੰਬਰ:- ( ਲਿਕੇਸ਼ ਸ਼ਰਮਾਂ, ਬੌਬੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਰਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ ਨੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਰੋਜ਼ਾਨਾਂ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਅਥਾਰਟੀ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੇ ਨਾਲ-ਨਾਲ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ 35 ਪਿੰਡਾਂ ਵਿੱਚ ਰੋਜ਼ਾਨਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਟੀਮਾਂ ਬਣੇ ਹੋਏ ਸ਼ਡਿਊਲ ਮੁਤਾਬਕ ਲੋਕਾਂ ਨੂੰ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਦੂਰ ਦੁਰਾਡੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰ ਬੈਠੇ ਹੀ ਕਾਨੂੰਨੀ ਸਕੀਮਾਂ ਅਤੇ ਸੇਵਾਵਾਂ ਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਪਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।