ਮੋਗਾ, 4 ਨਵੰਬਰ:- ( ਕੁਲਵਿੰਦਰ ਸਿੰਘ) -ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7,65,770 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7,28,480 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 5,36,692 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ।
ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 314626 ਐਮ.ਟੀ., ਮਾਰਕਫ਼ੈਡ ਵੱਲੋਂ 192306 ਐਮ.ਟੀ., ਪਨਸਪ ਵੱਲੋਂ 147027 ਐਮ.ਟੀ., ਵੇਅਰਹਾਊਸ ਵੱਲੋ 74036 ਐਮ.ਟੀ. ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 348 ਕੁਇੰਟਲ ਝੋਨਾ ਖ੍ਰੀਦਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਸਦਕਾ ਝੋਨੇ ਦੀ ਖ੍ਰੀਦ ਅਤੇ ਲਿਫਟਿੰਗ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ, ਪ੍ਰੰਤੂ ਜ਼ਿਲ੍ਹੇ ਦੀਆਂ 10 ਅਜਿਹੀਆਂ ਮੰਡੀਆਂ ਹਨ ਜਿੰਨ੍ਹਾਂ ਵਿੱਚ ਇਸ ਵਕਤ ਸਭ ਤੋਂ ਤੇਜ਼ੀ ਨਾਲ ਇਹ ਪ੍ਰਕਿਰਿਆ ਚਲਾਈ ਜਾ ਰਹੀ ਹੈ। ਇਨ੍ਹਾਂ 10 ਮੰਡੀਆਂ ਵਿੱਚ ਬੁੱਘੀਪੁਰਾ, ਦੌਲਤਪੁਰਾ, ਮਹਿਣਾ, ਧੂੜਕੋਟ ਕਲਾਂ, ਚੱਕ ਕੰਨੀਆਂ ਕਲਾਂ, ਸੱਦਾ ਸਿੰਘ ਵਾਲਾ, ਨੰਗਲ, ਮੱਲਕੇ, ਝੰਡੇਆਣਾ ਅਤੇ ਸੈਦੋਕੇ ਦੀਆਂ ਮੰਡੀਆਂ ਸ਼ਾਮਿਲ ਹਨ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਐਸ.ਐਮ.ਐਸ. ਤੋਂ ਬਿਨ੍ਹਾਂ ਕੰਬਾਈਨਾਂ ਤੋਂ ਝੋਨੇ ਦੀ ਵਢਾਈ ਉੱਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਇਸ ਕਰਕੇ ਕਿਸਾਨ ਐਸ.ਐਮ.ਐਸ. ਲੱਗੀ ਕਬਾਈਨ ਤੋਂ ਹੀ ਆਪਣੇ ਝੋਨੇ ਦੀ ਕਟਾਈ ਕਰਵਾਉਣ ਨੂੰ ਯਕੀਨੀ ਬਣਾਉਣ। ਕਿਸਾਨ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।