ਜਗਰਾਉਂ , 4 ਨਵੰਬਰ (ਪ੍ਰਤਾਪ ਸਿੰਘ): ਗੁਰੂ ਨਾਨਕ ਪਾਤਸ਼ਾਹ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸਿੰਘ ਸਭਾ ਵਿਖੇ ਚੱਲ ਰਹੇ ਸਮਾਗਮਾਂ ਦੀ ਲੜੀ ਵਿੱਚ 5 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਹਿਰ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਲਗਭਗ ਮੁਕੰਮਲ ਹਨ। ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਭਲਕੇ ਸ਼ਹਿਰ ਵਿੱਚ ਸਵੇਰੇ ਇਕ ਵਿਸ਼ਾਲ ਨਗਰ ਕੀਰਤਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਵੇਗਾ ਜੋ ਸ਼ਹਿਰ ਦੇ ਵੱਖ ਵੱਖ ਭਾਗਾਂ ਵਿੱਚੋਂ ਗੁਜ਼ਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਿੰਘ ਸਭਾ ਵਿਖੇ ਹੀ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ਅੱਠ ਨਵੰਬਰ ਨੂੰ ਸਵੇਰੇ ਪੈਣਗੇ ਉਪਰੰਤ ਭਾਰੀ ਦੀਵਾਨ ਸੱਜਣਗੇ। 7 ਅਤੇ ਅੱਠ ਨਵੰਬਰ ਰਾਤਰੀ ਦੇ ਦੀਵਾਨ ਵੀ ਸੱਜਣਗੇ ਜਿਸ ਵਿੱਚ ਪ੍ਰਸਿੱਧ ਕੀਰਤਨੀਏ ਕਥਾਵਾਚਕ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਉਣਗੇ। ਉਨ੍ਹਾਂ ਦੱਸਿਆ ਕਿ 7 ਤਰੀਕ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੀ ਗੁਰਬਾਣੀ ਕੰਠ ਮੁਕਾਬਲੇ ਵੀ ਕਰਵਾਏ ਜਾਣਗੇ। ਜੇਤੂਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਆ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਸੇਵਾ ਅਤੇ ਸਹਿਯੋਗ ਕਰਕੇ ਗੁਰੂ ਨਾਨਕ ਪਾਤਸ਼ਾਹ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਤੇ ਪ੍ਰਬੰਧਕਾਂ ਨੂੰ ਧੰਨਵਾਦੀ ਬਣਾਓ।
