ਨਵੀਂ ਦਿੱਲੀ/ਚੰਡੀਗੜ, 4 ਨਵੰਬਰ: ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ) –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ ਤੱਕ ਸੂਬੇ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਅੱਜ ਇੱਥੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸੂਬਾ ਸਰਕਾਰ ਬਹੁ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਇਸ ਸਮੱਸਿਆ ਦਾ ਕੋਈ ਠੋਸ ਹੱਲ ਕੱਢਣ ਲਈ ਪਹਿਲਾਂ ਹੀ ਖੇਤੀ ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਨਾਲ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 1.20 ਲੱਖ ਮਸੀਨਾਂ ਪਹਿਲਾਂ ਹੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚੇ ਉੱਤਰ ਭਾਰਤ ਦੀ ਸਮੱਸਿਆ ਹੈ ਅਤੇ ਕੇਂਦਰ ਸਰਕਾਰ ਨੂੰ ਸਾਰੇ ਪ੍ਰਭਾਵਿਤ ਸੂਬਿਆਂ ਵੱਲੋਂ ਇਸ ਮਾਮਲੇ ਦੇ ਸਾਂਝੇ ਹੱਲ ਲਈ ਦਖਲ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਉਤਸਾਹਿਤ ਕਰ ਰਹੀ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨਾਂ ਫਸਲਾਂ ਲਈ ਲਾਹੇਵੰਦ ਸਮਰਥਨ ਮੁੱਲ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਅਪਣਾਉਣ ਲਈ ਉਤਸਾਹਿਤ ਕਰਨ ਅਤੇ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਵੱਢਣ ਅਤੇ ਕਣਕ ਦੀ ਬਿਜਾਈ ਦੇ ਵਿਚਕਾਰ 10-12 ਦਿਨ ਦਾ ਸਮਾਂ ਮਿਲਦਾ ਹੈ। ਉਨਾਂ ਕਿਹਾ ਕਿ ਕੋਈ ਸਾਰਥਕ ਬਦਲ ਨਾ ਹੋਣ ਕਾਰਨ ਕਿਸਾਨ ਮਜਬੂਰਨ ਪਰਾਲੀ ਨੂੰ ਤੀਲੀ ਨਾਲ ਅੱਗ ਲਾਉਣ ‘ਤੇ ਨਿਰਭਰ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਇਸ ਦਾ ਹੱਲ ਕਰ ਦੇਵੇ ਤਾਂ ਕਿਸਾਨ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਜਾਰਾਂ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੇ ਮਤੇ ਪਾਸ ਕੀਤੇ ਜਾਣ ਤੋਂ ਬਾਅਦ ਸੂਬਾ ਸਰਕਾਰ ਨੇ ਇਨਾਂ ਕਿਸਾਨਾਂ ਨੂੰ ਉਤਸਾਹਿਤ ਕੀਤਾ ਹੈ। ਉਨਾਂ ਕਿਹਾ ਕਿ ਦੇਸ ਨੂੰ ਇਸ ਗੱਲ ਦਾ ਮਾਣ ਮਹਿਸੂਸ ਹੁੰਦਾ ਹੈ ਹਰੇਕ ਸਾਲ ਫਸਲ ਦੀ ਬੰਪਰ ਪੈਦਾਵਾਰ ਸਦਕਾ ਅੰਨ ਭੰਡਾਰ ਨੱਕੋ-ਨੱਕ ਭਰੇ ਜਾਂਦੇ ਹਨ। ਉਂਜ, ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਸ ਸਚਾਈ ਨੂੰ ਭੁੱਲ ਜਾਂਦੇ ਹਾਂ ਕਿ ਇਸ ਨਾਲ ਝੋਨੇ ਦੀ ਪਰਾਲੀ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ 75 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਖੇਤੀ ਕਰਦੇ ਹਨ ਜਿਸ ਵਿੱਚੋਂ 40 ਲੱਖ ਹੈਕਟੇਅਰ ਰਕਬੇ ਵਿਚ ਪੈਦਾ ਹੁੰਦੇ ਝੋਨੇ ਦੀ ਪਰਾਲੀ ਨੂੰ ਸਾੜਿਆ ਜਾਂਦਾ ਹੈ। ਉਨਾਂ ਕਿਹਾ ਕਿ ਬਾਕੀ ਕਿਸਾਨ ਕਦੇ ਵੀ ਅੱਗ ਲਾਉਣ ਦੇ ਰੁਝਾਨ ਨੂੰ ਨਹੀਂ ਅਪਣਾਉਂਦੇ, ਕਿਉਂ ਜੋ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਵਿਖੇ ਬਾਇਓ ਐਨਰਜੀ ਉਤਪਾਦਨ ਦਾ ਪਲਾਂਟ ਲਗਾਇਆ ਹੈ ਅਤੇ ਸੂਬੇ ਭਰ ਵਿੱਚ ਅਜਿਹੇ ਹੋਰ ਪਲਾਂਟ ਲਗਾਏ ਜਾਣਗੇ।
ਮੁੱਖ ਮੰਤਰੀ ਨੇ ਯਾਦ ਦਿਵਾਇਆ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਬਦਲੇ ਕਿਸਾਨਾਂ ਨੂੰ ਸਾਂਝੇ ਤੌਰ ‘ਤੇ 2500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ਦੀ ਪੇਸਕਸ ਕਰਕੇ ਪਰਾਲੀ ਸਾੜੇ ਜਾਣ ਦਾ ਸਾਰਥਕ ਹੱਲ ਪੇਸ ਕੀਤਾ ਸੀ। ਹਾਲਾਂਕਿ, ਕੇਂਦਰ ਨੇ ਇਸ ਪ੍ਰਸਤਾਵ ਨੂੰ ਸਵੀਕਾਰ ਕਰਨ ਦੀ ਬਜਾਏ ਕਿਸਾਨਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਠੋਸ ਹੱਲ ਪ੍ਰਦਾਨ ਕਰਨ ਵਾਸਤੇ ਵੱਡੀ ਗਿਣਤੀ ਵਿੱਚ ਨਿਵੇਸਕਾਰ ਸੂਬੇ ਵਿੱਚ ਆ ਕੇ ਬਾਇਓ ਊਰਜਾ ਪਲਾਂਟ ਲਾਉਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਅਜਿਹੇ ਲੰਬਿਤ ਪ੍ਰੋਜੈਕਟਾਂ ਨੂੰ ਤੁਰੰਤ ਮਨਜੂਰੀ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਪ੍ਰਤੀ ਪੂਰੀ ਤਰਾਂ ਸੰਜੀਦਾ ਹੈ ਕਿਉਂਕਿ ਉਹ ਜਾਣਦਾ ਹੈ ਕਿ ਇਸ ਨਾਲ ਉਨਾਂ ਦੇ ਪਰਿਵਾਰ ‘ਤੇ ਵੀ ਬੁਰਾ ਅਸਰ ਪਵੇਗਾ। ਭਗਵੰਤ ਮਾਨ ਨੇ ਸਪੱਸਟ ਸ਼ਬਦਾਂ ਵਿਚ ਕਿਹਾ ਕਿ ਇਹ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ, ਇਸ ਲਈ ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਹੱਲ ਲੱਭਣ ਲਈ ਮੀਟਿੰਗ ਬੁਲਾਉਣੀ ਚਾਹੀਦੀ ਹੈ।