ਜਗਰਾਓਂ, 5 ਨਵੰਬਰ ( ਰਾਜੇਸ਼ ਜੈਨ, ਭਗਵਾਨ ਭੰਗੂ )—ਮੁੱਖ ਮੰਤਰੀ ਪੰਜਾਬ ਦੇ ਹਵਾਲੇ ਨਾਲ ਪ੍ਰਕਾਸ਼ਿਤ ਹੋਈ ਇਕ ਖਬਰ, ਜਿਸ ਵਿੱਚ ਦੋਸ਼ ਲਾਇਆ ਗਿਆ ਕਿ ਜਗਰਾਉਂ ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਇਲਾਕੇ ਵਿੱਚ ਮਾਈਨਿੰਗ ਤੋਂ ਹਰ ਮਹੀਨੇ ਲੱਖਾਂ ਰੁਪਏ ਦੀ ਵਸੂਲੀ ਕਰ ਰਹੀ ਹੈ ਅਤੇ ਉਸ ਨੇ ਆਪਣੇ ਪਤੀ ਨੂੰ ਓ.ਐਸ.ਡੀ. ਵਜੋਂ ਰਖਿਆ ਹੋਇਆ ਹੈ ਅਤੇ ਇਸਦੇ ਨਾਲ ਹੀ ਖਬਰ ਵਿਚ ਕਈ ਤਰ੍ਹਾਂ ਦੇ ਹੋਰ ਗੰਭੀਰ ਦੋਸ਼ ਲਗਾਏ ਗਏ। ਜਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਸ ਸਬੰਧੀ ਵਿਧਾਇਕ ਮਾਣੂੰਕੇ ਖਿਲਾਫ ਦੀ ਮੁੱਖ ਮੰਤਰੀ ਵੱਲੋਂ ਇਨ੍ਹਾਂ ਦੋਸ਼ਾਂ ਸਬੰਧੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਮਾਮਲੇ ’ਤੇ ਕਾਫੀ ਚਰਚਾ ਤੋਂ ਬਾਅਦ ਵਿਧਾਇਕ ਮਾਣੂੰਕੇ ਨੇ ਪ੍ਰੈੱਸ ਕਾਨਫਰੰਸ ’ਚ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ, ਜਿਸ ਦਾ ਨਤੀਜਾ ਸਭ ਦੇ ਸਾਹਮਣੇ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਜਗਰਾਉਂ ਇਲਾਕੇ ਵਿੱਚ ਮੈਡੀਕਲ ਕਾਲਜ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਜਿਸ ਦੀ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਮਨਜ਼ੂਰੀ ਲੈ ਲਈ ਹੈ। ਵਿਧਾਇਕ ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਕੁਝ ਲੋਕ ਅਤੇ ਉਨ੍ਹਾਂ ਦੇ ਵਿਰੋਧੀ ਲਗਾਤਾਰ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਮੁੱਖ ਮੰਤਰੀ ਤੱਕ ਝੂਠੀਆਂ ਸ਼ਿਕਾਇਤਾਂ ਭੇਜ ਰਹੇ ਹਨ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੋਪੀ ਸ਼ਰਮਾ ਨੇ ਖ਼ੁਲਾਸਾ ਕੀਤਾ ਕਿ ਵਿਧਾਇਕ ਮਾਣੂੰਕੇ ਖ਼ਿਲਾਫ਼ ਉਨ੍ਹਾਂ ਦੇ ਨਾਂ ’ਤੇ ਵੀ ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਜਿਨ੍ਹਾਂ ਬਾਰੇ ਨਾ ਤਾਂ ਉਹ ਜਾਣੂ ਹਨ ਅਤੇ ਨਾ ਹੀ ਉਨ੍ਹਾਂ ਦੇ ਦਸਤਖ਼ਤ ਹਨ। ਇਸ ਮੌਕੇ ਵਿਧਾਇਕ ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ ਓ.ਐਸ.ਡੀ ਲਾਉਣ ਦਾ ਦੋਸ਼ ਵੀ ਬੇਬੁਨਿਆਦ ਹੈ। ਇਸ ਸਬੰਧੀ ਆਰ.ਟੀ.ਆਈ. ਦਾਇਰ ਕਰਕੇ ਕੋਈ ਵੀ ਪਤਾ ਕਰ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਹ ਬੇਬੁਨਿਆਦ ਸ਼ਿਕਾਇਤ ਕਰਨ ਵਾਲੇ ਲੋਕਾਂ ਦੀ ਜਾਂਚ ਕਰਕੇ ਉਹ ਜਲਦੀ ਹੀ ਉਨ੍ਹਾਂ ਬਾਰੇ ਖੁਲਾਸਾ ਕਰਨਗੇ। ਇਸ ਮੌਕੇ ਟਰੱਕ ਯੂਨੀਅਨ ਜਗਰਾਉਂ ਦੇ ਪ੍ਰਧਾਨ ਪ੍ਰੀਤਮ ਸਿੰਘ ਅਖਾੜਾ, ਗੋਪੀ ਸ਼ਰਮਾ, ਸ਼ਿੰਦਰਪਾਲ ਸਿੰਘ ਮੀਨੀਆ, ਪਰਮਜੀਤ ਚੀਮਾ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
