– ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਡੇਰਾ ਹੰਸਾਲੀ ਸਾਹਿਬ ਵਿਖੇ 27 ਜੋੜਿਆਂ ਦੇ ਵਿਵਾਹ ਮੌਕੇ ਦਿੱਤਾ ਆਸ਼ੀਰਵਾਦ
ਫ਼ਤਹਿਗੜ੍ਹ ਸਾਹਿਬ : 08 ਨਵੰਬਰ ( ਬੌਬੀ ਸਹਿਜਲ, ਧਰਮਿੰਦਰ) -ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਆਉਂਦੀ 10 ਤਰੀਕ ਨੂੰ 637 ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਿਸ ਨਾਲ ਸਰਕਾਰੀ ਹਸਪਤਾਲਾਂ ਵਿੱਚ ਖਾਲੀ ਅਸਾਮੀਆਂ ਨਹੀਂ ਰਹਿਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਡੇਰਾ ਹੰਸਾਲੀ ਸਾਹਿਬ ਵਿਖੇ ਬਾਬਾ ਪਰਮਜੀਤ ਸਿੰਘ ਜੀ ਵੱਲੋਂ ਕਰਵਾਏ ਗਏ 27 ਜੋੜਿਆਂ ਦੇ ਸਮੂਹਿਕ ਵਿਵਾਹ ਮੌਕੇ ਅਸ਼ੀਰਵਾਦ ਦੇਣ ਸਮੇਂ ਮੀਡੀਆ ਨਾਲ ਗੱਲ ਕਰਦਿਆਂ ਦਿਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਵਿਆਪਕ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।ਪਰਾਲੀ ਨੂੰ ਅੱਗ ਲਗਾਉਣ ਦੇ ਵੱਧ ਰਹੇ ਮਾਮਲਿਆਂ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਰਾਲੀ ਦੀ ਸੱਮਸਿਆ ਤੋਂ ਛੁਟਕਾਰਾ ਪਾਉਣ ਲਈ ਬਲਾਕ ਪੱਧਰ ਤੇ ਸੁਪਰ ਸੀਡਰ ਮਸ਼ੀਨਾਂ ਦਿੱਤੀਆਂ ਹਨ। ਊਨਾ ਕਿਹਾ ਕਿ ਇਹ ਕਿਸੇ ਇਕ ਵਿਅਕਤੀ ਦੀ ਮੁਸ਼ਕਿਲ ਨਹੀਂ ਸਗੋਂ ਸਮੁਚੇ ਪੰਜਾਬੀਆਂ ਦੀ ਹੈ ਇਸ ਲਈ ਹਰੇਕ ਵਰਗ ਦੇ ਲੋਕਾਂ ਨੂੰ ਇਸ ਵਿਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਵੀ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਧਰਤੀ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਨਸ਼ਿਆਂ ਦੇ ਖਾਤਮੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸ.ਜੋੜੇਮਾਜਰਾ ਨੇ ਕਿਹਾ ਕਿ ਪੰਜਾਬ ਵਿੱਚੋ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਡੇਰਾ ਹੰਸਾਲੀ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਬਾਰੇ ਊਨਾ ਕਿਹਾ ਕਿ ਸਵਰਗੀ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਸਮਾਜ ਸੇਵਾ ਦੇ ਨਾਲ-ਨਾਲ ਲੋਕਾਂ ਨੂੰ ਪੰਥ ਨਾਲ ਜੋੜਣ ਵਿੱਚ ਵੀ ਅਹਿਮ ਭੂਮਿਕਾ ਅਦਾ ਕੀਤੀ ਹੈ ਅਤੇ ਹੁਣ ਬਾਬਾ ਪਰਮਜੀਤ ਸਿੰਘ ਜੀ ਉਸ ਪ੍ਰੰਪਰਾ ਨੂੰ ਅੱਗੇ ਵਧਾ ਰਹੇ ਹਨ। ਮਾਨਵਤਾ ਦੀ ਕੀਤੀ ਜਾ ਰਹੀ ਸੇਵਾ ਲਈ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਹੰਸਾਲੀ ਦੇ ਸਰਵ ਪੱਖੀ ਵਿਕਾਸ ਵਿਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਊਨਾ ਕਿਹਾ ਕਿ ਜੋ -ਜੋ ਕੰਮ ਹੋਣ ਬਾਰੇ ਬਾਬਾ ਪਰਮਜੀਤ ਸਿੰਘ ਜੀ ਕਹਿਣਗੇ ਉਹ ਕੰਮ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅਮਰਿੰਦਰ ਸਿੰਘ ਮੰਡੋਫ਼ਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
