ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸਨਮਾਨ ਮਿਲਣ ਤੇ ਜਗਰਾਉਂ ਇਲਾਕੇ ਵਿੱਚ ਖੁਸ਼ੀ ਦੀ ਲਹਿਰ
ਜਗਰਾਓਂ, 9 ਨਵੰਬਰ ( fਵਕਾਸ ਮਠਾੜੂ, ਧਰਮਿੰਦਰ )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿੱਚ ਦੂਜੀ ਵਾਰ ਚੋਣ ਜਿੱਤਣ ਵਾਲੇ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਨਵੀਂ ਟੀਮ ਵਿੱਚ ਜਗਰਾਉਂ ਇਲਾਕੇ ਦੀ ਮਾਣਮੱਤੀ ਸ਼ਖ਼ਸੀਅਤ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਨਿਯੁਕਤ ਕਰਨ ਨਾਲ ਜਗਰਾਉਂ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਭਾਈ ਗੁਰਚਰਨ ਸਿੰਘ ਗਰੇਵਾਲ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸਰਗਰਮ ਹਨ। ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਹਮੇਸ਼ਾ ਸਿੱਖ ਕੌਮ ਅਤੇ ਪੰਥ ਦੇ ਮੁੱਖ ਅਤੇ ਮਹੱਤਵਪੂਰਨ ਮੁੱਦਿਆਂ ਨੂੰ ਉਠਾਇਆ ਅਤੇ ਉਨ੍ਹਾਂ ਲਈ ਸੰਘਰਸ਼ ਲੜਿਆ। ਉਹ ਸ਼੍ਰੋਮਣੀ ਅਕਾਲੀ ਦਲ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਨ ਅਤੇ ਜਗਰਾਉਂ ਇਲਾਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਵਿਚ ਜਨਰਲ ਸਕੱਤਰ ਦਾ ਅਹੁਦਾ ਦਿੱਤੇ ਜਾਣ ’ਤੇ ਸਾਬਕਾ ਵਿਧਾਇਕ ਭਾਗ ਸਿੰਘ ਮੱਲਾ, ਹਲਕਾ ਇੰਚਾਰਜ ਸਾਬਕਾ ਵਿਧਾਇਕ ਐਸ.ਆਰ.ਕਲੇਰ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲਾ, ਦੀਦਾਰ ਸਿੰਘ ਮਲਕ, ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਬਿੰਦਰ ਮਨੀਲਾ, ਨੌਜਵਾਨ ਆਗੂ ਮਹਿੰਦਰਜੀਤ ਸਿੰਘ ਵਿੱਕੀ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਜਥੇਦਾਰ ਪ੍ਰਤਾਪ ਸਿੰਘ, ਗੁਰਦੀਪ ਸਿੰਘ ਦੂਆ, ਅਜਾਇਬ ਸਿੰਘ ਸੱਗੂ, ਵੈਲਫੇਅਰ ਕੌਂਸਲ ਦੇ ਸਰਪ੍ਰਸਤ ਜਸਵੰਤ ਸਿੰਘ ਸੱਗੂ, ਸਕੱਤਰ ਪ੍ਰਵੀਨ ਜੈਨ, ਕੈਸ਼ੀਅਰ ਨਰੇਸ਼ ਗੁਪਤਾ, ਰਾਕੇਸ਼ ਸਿੰਗਲਾ ਅਤੇ ਹੋਰ ਮੈਂਬਰਾਂ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਲੀਡਰਸ਼ਿਪ ਦਾ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਇਹ ਸਨਮਾਨ ਦੇਣ ਤੇ ਧੰਨਵਾਦ ਕੀਤਾ। ਇਸ ਮੌਕੇ ਗੱਲ ਕਰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਨ੍ਹਾਂ ਹਮੇਸ਼ਾ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਹੈ। ਹੁਣ ਉਨ੍ਹਾਂ ਨੂੰ ਜੋ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ।