– ਏ.ਡੀ.ਜੀ.ਪੀ. (ਰੇਲਵੇ ) ਸ਼ਸ਼ੀ ਪ੍ਰਭਾ ਨੇ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 10 ਨਵੰਬਰ: ( ਜੱਸੀ ਢਿੱਲੋਂ, ਮਿਅੰਕ ਜੈਨ)-ਪੰਜਾਬ ਪੁਲਿਸ ਵੱਲੋਂ ਸੂਬੇ ਦੇ ਧਾਰਮਿਕ ਤੇ ਜਨਤਕ ਸਥਾਨਾਂ ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਹ ਪ੍ਰਗਟਾਵਾ ਏ.ਡੀ.ਜੀ.ਪੀ. (ਰੇਲਵੇ) ਸ਼੍ਰੀਮਤੀ ਸ਼ਸ਼ੀ ਪ੍ਰਭਾ ਨੇ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਨੂੰ ਲਈ ਜਿਥੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਉਥੇ ਹੀ ਪੁਲਿਸ ਦੀਆਂ ਟੀਮਾਂ ਨਿਰੰਤਰ ਰੇਲ ਗੱਡੀਆਂ ਦੀ ਚੈਕਿੰਗ ਵੀ ਕਰਦੀਆਂ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਪੰਜਾਬ ਪੁਲਿਸ ਲਈ ਮੋਹਰੀ ਹੈ ਅਤੇ ਇਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।ਏ.ਡੀ.ਜੀ.ਪੀ. ਨੇ ਇਹ ਵੀ ਦੱਸਿਆ ਕਿ ਰੇਲਵੇ ਲਾਈਨਾਂ ਤੇ ਹਾਦਸੇ ਹੋਣ ਅਤੇ ਰੇਲਾਂ ਵਿੱਚ ਮਿਲਣ ਵਾਲੇ ਮ੍ਰਿਤਕਾਂ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਸਥਾਨਕ ਪੁਲਿਸ ਨਾਲ ਤਾਲਮੇਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਕੰਮਾਂ ਲਈ ਇੱਕ ਐਂਬੂਲੈਂਸ ਦਾ ਪ੍ਰਬੰਧ ਕੀਤਾ ਜਾ ਸਕੇ। ਇਹ ਐਂਬੂਲੈਂਸ ਸਰਹਿੰਦ ਰੇਲਵੇ ਸਟੇਸ਼ਨ ਕੋਲ ਖੜਾਈ ਜਾਵੇਗੀ ਤਾਂ ਜੋ ਕਿਸੇ ਕਿਸਮ ਦਾ ਹਾਦਸਾ ਹੋਣ ਤੇ ਪੁਲਿਸ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।ਨੌਜਵਾਨਾਂ ਵੱਲੋਂ ਰੇਲ ਦੀਆਂ ਪਟੜੀਆਂ ਤੇ ਖੜ੍ਹ ਕੇ ਸੈਲਫੀਆਂ ਖਿੱਚਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਏ.ਡੀ.ਜੀ.ਪੀ. ਨੇ ਕਿਹਾ ਕਿ ਉਹ ਨੌਜਵਾਨ ਵਰਗ ਨੂੰ ਅਪੀਲ ਹੀ ਕਰ ਸਕਦੇ ਹਨ ਕਿ ਉਹ ਖ਼ਤਰਨਾਕ ਥਾਵਾਂ ਤੇ ਖੜੋ ਕੇ ਸੈਲਫੀਆਂ ਖਿੱਚਣ ਤੋਂ ਗੁਰੇਜ ਕਰਨ । ਕਿਉਂਕਿ ਅਜੌਕੇ ਸਮੇਂ ਵਿੱਚ ਚੱਲ ਰਹੀਆਂ ਰੇਲਾਂ ਆਧੁਨਿਕ ਤਕਨਾਲੌਜੀ ਤੇ ਨਿਰਧਾਰਤ ਹੁੰਦੀਆਂ ਹਨ ਜਿਨ੍ਹਾਂ ਦੀ ਆਵਾਜ਼ ਘੱਟ ਹੁੰਦੀ ਹੈ ਅਤੇ ਸਪੀਡ ਵੀ ਬਹੁਤ ਜਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੇਲ ਦੀਆਂ ਪਟੜੀਆਂ ਤੇ ਖੜ ਕੇ ਸੈਲਫੀਆਂ ਖਿੱਚਣ ਕਾਰਨ ਮਨੁੱਖੀ ਜਾਨਾਂ ਦਾ ਨੁਕਸਾਨ ਹੁੰਦਾ ਹੈ ਇਸ ਲਈ ਨੌਜਵਾਨਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਹੈ। ਸਰਹਿੰਦ ਰੇਲਵੇ ਪੁਲਿਸ ਥਾਣੇ ਵਿੱਚ ਸਿਪਾਹੀਆਂ ਦੀ ਕਮੀਂ ਬਾਰੇ ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇਥੇ ਲੋੜ ਅਨੁਸਾਰ ਸਿਪਾਹੀ ਤਾਇਨਾਤ ਹਨ ਅਤੇ ਜੇਕਰ ਹੋਰ ਸਟਾਫ ਦੀ ਜਰੂਰਤ ਪਵੇਗੀ ਤਾਂ ਨੇੜਲੇ ਜ਼ਿਲ੍ਹਿਆਂ ਵਿੱਚੋਂ ਪੂਰੀ ਕਰ ਲਈ ਜਾਵੇਗੀ।ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਦਸੰਬਰ ਮਹੀਨੇ ਦੌਰਾਨ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀਮਤੀ ਸ਼ਸ਼ੀ ਪ੍ਰਭਾ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ, ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅਜੌਕੇ ਸਮੇਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਸੁਰੱਖਿਆ ਪੱਖੋਂ ਕਾਫੀ ਅਹਿਮ ਹਨ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਕਾਫੀ ਅਸਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਕਿਹਾ ਗਿਆ ਹੈ ਅਤੇ ਸੀ.ਸੀਟੀ.ਵੀ. ਕੈਮਰੇ ਲਗਾਉਣ ਲਈ ਜੇਕਰ ਫੰਡ ਲੋੜੀਂਦੇ ਹਨ ਤਾਂ ਉਹ ਇਸ ਦੀ ਮੰਗ ਕਰ ਸਕਦੇ ਹਨ।ਇਸ ਮੌਕੇ ਡੀ.ਐਸ.ਪੀ. ਜਗਮੋਹਨ ਸਿੰਘ, ਐਸ.ਐਚ.ਓ. ਗੁਰਦਰਸ਼ਨ ਸਿੰਘ, ਤੋਂ ਇਲਾਵਾ ਜ਼ਿਲ੍ਹਾ ਪੁਲਿਸ ਤੇ ਰੇਲਵੇ ਪੁਲਿਸ ਦੇ ਕਈ ਅਧਿਕਾਰੀ ਵੀ ਮੌਜੂਦ ਸਨ।