– ਮੁੱਖ ਮੰਤਰੀ ਪੰਜਾਬ ਸ਼ਹੀਦ ਨੁੰ ਇਸ ਮੌਕੇ ਕਰਨਗੇ ਸ਼ਰਧਾ ਦੇ ਫੁੱਲ ਭੇਂਟ
ਸਰਾਭਾ, 15 ਨਵੰਬਰ ( ਲਿਕੇਸ਼ ਸ਼ਰਮਾਂ, ਬੌਬੀ ਸਹਿਜਲ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸਬੰਧੀ ਭਲਕੇ 16 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪਿੰਡ ਸਰਾਭਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।ਇਸ ਮੌਕੇ ਉੁਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ੍ਰੀਮਤੀ ਦਲਜੀਤ ਕੌਰ, ਉਪ-ਮੰਡਲ ਮੈਜਿਸਟ੍ਰੇਟ ਸ੍ਰੀਮਤੀ ਸਵਾਤੀ ਟਿਵਾਣਾ ਤੋਂ ਇਲਾਵਾ ਹੋਰ ਸੀਨਅਰ ਅਧਿਕਾਰੀ ਵੀ ਮੌਜੂਦ ਸਨ।ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਿੰਡ ਸਰਾਭਾ ਵਿਖੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਨੂੰ ਫੁੱਲ ਅਰਪਿਤ ਕਰਨਗੇ।ਸਮਾਗਮ ਵਾਲੀ ਥਾਂ ‘ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਸ਼ਹੀਦੀ ਦਿਵਸ ਸਮਾਰੋਹ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੈਠਣ, ਵਾਹਨਾਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਸੁਰੱਖਿਆ ਅਤੇ ਹੋਰਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਸੁਚੱਜੀ ਯੋਜਨਾਬੰਦੀ ਅਤੇ ਪਾਲਣਾ ਕੀਤੀ ਜਾਣੀ ਚਾਹੀਦੀ ਹੈ।ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਮਾਗਮ ਵਿੱਚ ਦਾਖਲੇ ਦੌਰਾਨ ਪਤਵੰਤਿਆਂ, ਵਿਦਿਆਰਥੀਆਂ ਅਤੇ ਜਨਤਾ ਆਦਿ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।