Home ਧਾਰਮਿਕ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੀਤੇ ਜਾਣਗੇ ਪੁਖ਼ਤਾ ਇੰਤਜ਼ਾਮ: ਪਰਨੀਤ ਸ਼ੇਰਗਿੱਲ

ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੀਤੇ ਜਾਣਗੇ ਪੁਖ਼ਤਾ ਇੰਤਜ਼ਾਮ: ਪਰਨੀਤ ਸ਼ੇਰਗਿੱਲ

68
0

ਫ਼ਤਹਿਗੜ੍ਹ ਸਾਹਿਬ, 16 ਨਵੰਬਰ: ( ਮਿਅੰਕ ਜੈਨ, ਦੀਪਕ ਗੁੰਬਰ) -ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਜਾਣਗੇ ਅਤੇ ਨਿਰਵਿਘਨ ਆਵਾਜਾਈ ਲਈ ਬਦਲਵੇਂ ਰੂਟਾਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਈ ਜਾਵੇ ਕਿਉਂਕਿ ਅਜਿਹਾ ਮੌਕਾ ਕਿਸਮਤ ਵਾਲਿਆਂ ਨੂੰ ਹੀ ਮਿਲਦਾ ਹੈ।ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ 300 ਆਰਜੀ ਪਖਾਨੇ ਬਣਾਏ ਜਾਣਗੇ ਅਤੇ ਬਜੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜ਼ਨਾਂ ਲਈ 25 ਮਿੰਨੀ ਬੱਸਾਂ ਤੋਂ ਇਲਾਵਾ ਈ. ਰਿਕਸ਼ਾ ਵੀ ਚਲਾਏ ਜਾਣਗੇ। ਇਸ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਥਾਨਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਨੁਸਾਰ ਆਰਜੀ ਪਾਰਕਿੰਗ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸਾਫ ਸਫਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਸ਼ਰਧਾਲੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੱਛਰ ਮਾਰਨ ਵਾਲੀ ਦਵਾਈ ਦਾ ਸਪਰੇਅ ਵੀ ਕਰਵਾਇਆ ਜਾਵੇ।  ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਐਂਬੂਲੈਸ, ਡਿਸਪੈਂਸਰੀਆਂ ਅਤੇ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ 6 ਪੁੱਛਗਿੱਛ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਇਨ੍ਹਾਂ ਕੇਂਦਰਾਂ ਤੇ 24 ਘੰਟੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਅਤੇ ਜ਼ਿਲ੍ਹਾ ਪੁਲਿਸ ਦੇ ਲਗਭਗ 4000 ਅਧਿਕਾਰੀ ਤੇ ਕਰਮਚਾਰੀ ਸ਼ਹੀਦੀ ਸਭਾ ਦੌਰਾਨ ਡਿਊਟੀ ਨਿਭਾਉਣਗੇ। ਉਨ੍ਹਾਂ ਹੋਰ ਦੱਸਿਆ ਕਿ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜ਼ਰ ਰੱਖਣ ਲਈ ਵਾਧੂ ਸੀ.ਸੀਟੀ.ਵੀ. ਕੈਮਰੇ ਲਗਾਏ ਜਾਣਗੇ ਅਤੇ ਅਮਨ ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਐਸ.ਪੀ. (ਐਚ) ਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਿਸ਼ਟ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ, ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਗੁਰਬਖਸ਼ੀਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here