– 94 ਵੇਂ ਬਲੀਦਾਨ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ
ਢੁੱਡੀਕੇ (ਮੋਗਾ), 17 ਨਵੰਬਰ: ( ਕੁਲਵਿੰਦਰ ਸਿੰਘ) -ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 94 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ ਜਦਕਿ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਸਾਬਕਾ ਜ਼ਸਟਿਸ ਪੰਜਾਬ ਐਂਡ ਹਰਿਆਣਾ ਹਾਈਕੋਰਟ ਜ਼ੋਰਾ ਸਿੰਘ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।
ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ‘ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਉਹਨਾਂ ਭਰੋਸਾ ਦਿਵਾਇਆ ਕਿ ਪਿੰਡ ਢੁੱਡੀਕੇ ਦੇ ਵਿਕਾਸ ਕਾਰਜਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਢੁੱਡੀਕੇ ਕਮੇਟੀ ਨੂੰ ਇੱਕ ਲੱਖ ਰੁਪਏ ਸਲਾਨਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਕਾਫੀ ਸਮੇਂ ਤੋਂ ਬੰਦ ਹੋਣ ਦੀ ਗੱਲ ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਉਨ੍ਹਾਂ ਵੱਲੋਂ ਛੇਤੀ ਹੀ ਚਾਲੂ ਕਰਵਾ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।ਇਸ ਤੋਂ ਪਹਿਲਾਂ ਕੁਲਤਾਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਹੋਰ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਇਸ ਮੌਕੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਸਿਰਜਣਾ ਆਰਟ ਗਰੁੱਪ ਰਾਏਕੋਟ ਦੇ ਨਿਰਦੇਸ਼ਕ ਸੋਮਪਾਲ ਹੀਰਾ ਵੱਲੋਂ ਮਾਂ ਰਹੀ ਸਿੰਘ ਢੁੱਡੀਕੇ ਦੇ ਨਾਵਲ ਤੇ ਆਧਾਰਿਤ ਨਾਟਕ (ਸ਼ੂਕਦਾ ਦਰਿਆ) ਖੇਡਿਆ ਗਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਗੀਤ, ਗਰੁੱਪ ਸੌਂਗ ਆਦਿ ਵੰਨਗੀਆਂ ਪੇਸ਼ ਕੀਤੀਆਂ ਗਈਆਂ।ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ‘ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।ਇੱਥੇ ਇਹ ਵੀ ਜਿਕਰਯੋਗ ਹੈ ਕਿ ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਾ ਸੈਨਾਨੀ ਭਵਨ ਮੋਗਾ ਵਿਖੇ ਲਾਲਾ ਲਾਜਪਤ ਰਾਏ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਰੱਖੇ ਗਏ ਪ੍ਰੋਗਰਾਮ ਵਿਖੇ ਵੀ ਸ਼ਿਰਕਤ ਕਰਕੇ ਬਹੁ ਗਿਣਤੀ ਵਿੱਚ ਹਾਜ਼ਰ ਹੋਏ ਸੁਤੰਤਰਤਾ ਸੈਨਾਨੀਆਂ ਨਾਲ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਨੂੰ ਦਿਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਵੀ ਮੌਜੂਦ ਸਨ।