ਲੁਧਿਆਣਾ, 18 ਨਵੰਬਰ ( ਲਿਕੇਸ਼ ਸ਼ਰਮਾਂ, ਅਸ਼ਵਨੀ ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਐਸ.ਸੀ.ਡੀ. ਸਰਕਾਰੀ ਕਾਲਜ਼ ਦੇ ਕਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ ਲੁਧਿਆਣਾ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ “ਸਵੈ-ਰੁਜ਼ਗਾਰ/ਉਦਮੀ/ਸਟਾਰਟ-ਅੱਪ” ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ: ਤਨਵੀਰ ਲਿਖਾਰੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਾਲਜ ਦੇ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ। ਪਲੇਸਮੈਂਟ ਸੈੱਲ ਦੇ ਕਨਵੀਨਰ ਡਾ.ਸਾਜਲਾ ਨੇ ਬੁਲਾਰਿਆਂ ਦੀ ਜਾਣ ਪਛਾਣ ਕਰਵਾਈ।ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ. ਅਤੇ ਡਾ. ਅਰਵਿੰਦ ਢੀਂਗਰਾ (ਕਾਰਜਕਾਰੀ ਨਿਰਦੇਸ਼ਕ,ਐਸ.ਟੀ.ਈ.ਪੀ. ਲੁਧਿਆਣਾ) ਵਲੋਂ ਸੈਮੀਨਾਰ ਵਿੱਚ ਸ਼ਾਮਲ ਹੋਏ ਲਗਭਗ 200 ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਜਿੱਥੇ ਸਰਕਾਰ ਦੀਆਂ ਪ੍ਰਚਲਿਤ ਸਕੀਮਾਂ ਜਿਵੇਂ “ਸਟਾਰਟਅੱਪ ਇੰਡੀਆ”, “ਪੀ.ਐਮ.ਜੀ.ਈ.ਪੀ.” ਆਦਿ ਬਾਰੇ ਜਾਣੂੰ ਕਰਵਾਇਆ ਉੱਥੇ ਹੀ ਵਿਦਿਆਰਥੀਆਂ ਲਈ ਇਹ ਇੱਕ ਬਹੁਤ ਹੀ ਜਾਣਕਾਰੀ ਭਰਪੂਰ ਸੈਸ਼ਨ ਸੀ ਜਿਸ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਕਾਰਜ਼ਸੈਲੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸਵੈ-ਰੁਜ਼ਗਾਰ ਦੇ ਵੱਖ-ਵੱਖ ਮੌਕਿਆਂ ਦੀ ਖੋਜ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਸ ਮੌਕੇ ਸਟੂਡੈਂਟਸ ਕੌਂਸਲ ਦੇ ਸਾਰੇ ਮੈਂਬਰਾਂ ਵਲੋਂ ਆਪਸੀ ਤਾਲਮੇਲ ਨਾਲ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ।
