Home Political ਮਾਡਲ ਸਿਟੀ ਮੋਹਾਲੀ ਦੀ ਨੁਹਾਰ ਬਦਲਣ ਲਈ ਪ੍ਰਮੁੱਖ ਪ੍ਰਾਜੈਕਟਾਂ ’ਚ ਸੜਕਾਂ ਨੂੰ...

ਮਾਡਲ ਸਿਟੀ ਮੋਹਾਲੀ ਦੀ ਨੁਹਾਰ ਬਦਲਣ ਲਈ ਪ੍ਰਮੁੱਖ ਪ੍ਰਾਜੈਕਟਾਂ ’ਚ ਸੜਕਾਂ ਨੂੰ ਚੌੜਾ ਕਰਨਾ, ਨਵੇਂ ਚੌਕਾਂ ਦਾ ਨਿਰਮਾਣ ਅਤੇ ਸ਼ਹਿਰ ਦਾ ਸੁੰਦਰੀਕਰਨ ਸ਼ਾਮਲ

44
0

• ਅਮਨ ਅਰੋੜਾ ਨੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਵਿੱਢਣ ਦੇ ਦਿੱਤੇ ਹੁਕਮ

ਚੰਡੀਗੜ੍ਹ, 19 ਨਵੰਬਰ: ( ਰਾਜਨ ਜੈਨ, ਰੋਹਿਤ ਗੋਇਲ) -ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਬਿਹਤਰੀਨ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਇਸ ਮਾਡਲ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ ਕਈ ਨਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।ਸਥਾਨਕ ਵਿਧਾਇਕ ਕੁਲਵੰਤ ਸਿੰਘ ਦੀ ਮੰਗ ਉਤੇ ਸ਼ਹਿਰ ਦੀਆਂ ਸੜਕਾਂ ਵਿੱਚ ਹੋਰ ਸੁਧਾਰ ਅਤੇ ਨਾਗਰਿਕਾਂ ਲਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਮਾਡਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਭੀੜ-ਭੜੱਕੇ ਵਾਲੀਆਂ ਸੜਕਾਂ ’ਤੇ ਟਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਯੋਜਨਾ ਉਲੀਕਣ ਅਤੇ ਇਸਦੇ ਨਾਲ ਹੀ ਟਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਤਿੰਨ ਸੜਕਾਂ ਨੂੰ ਚੌੜਾ ਕਰਨ/ਚਹੁੰ-ਮਾਰਗੀ ਕਰਨ ਸਬੰਧੀ ਵਿਸਤ੍ਰਿਤ ਸਰਵੇਖਣ ਰਿਪੋਰਟ ਪੇਸ਼ ਕਰਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸੜਕਾਂ ਵਿੱਚ ਕੁੰਬੜਾ ਚੌਕ (ਸੈਕਟਰ-61/70 ਅਤੇ ਸੈਕਟਰ 62/69 ਦੀ ਡਿਵਾਈਡਿੰਗ ਰੋਡ ਵਾਲਾ ਚੌਕ) ਤੋਂ ਬਾਵਾ ਵਾਈਟ ਹਾਊਸ ਤੱਕ, ਪਿੰਡ ਮੋਹਾਲੀ ਤੋਂ ਵਾਈ.ਪੀ.ਐਸ. ਚੌਕ ਤੱਕ ਅਤੇ ਸੈਕਟਰ 62-63/50-51 ਦੇ ਚੌਕ ਤੋਂ ਸੈਕਟਰ 65/48 (ਗੌਲਫ ਰੇਂਜ) ਤੱਕ ਸੜਕ ਸ਼ਾਮਲ ਹਨ।ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿੱਚ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਉਨ੍ਹਾਂ ਸਥਾਨਾਂ ਦੀ ਤਲਾਸ਼ ਕੀਤੀ ਜਾਵੇ ਜਿੱਥੇ ਚੌਕਾਂ ਦਾ ਨਿਰਮਾਣ ਕੀਤਾ ਜਾ ਸਕਦਾ ਹੋਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਮਾਡਲ ਸ਼ਹਿਰ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਤਾਕੀਦ ਕੀਤੀ।ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਗਮਾਡਾ ਵੱਲੋਂ ਨਗਰ ਨਿਗਮ ਮੋਹਾਲੀ ਨੂੰ ਚਾਰ ਰੋਡ ਸਵੀਪਿੰਗ ਮਸ਼ੀਨਾਂ ਖਰੀਦਣ ਲਈ ਵਿੱਤੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਏਅਰੋ ਸਿਟੀ ਵਿੱਚ ਸੁਵਿਧਾ ਪ੍ਰਬੰਧਨ ਸੇਵਾ ਕੇਂਦਰ ਸਥਾਪਤ ਕਰਨ ਲਈ ਵੀ ਕਿਹਾ ਤਾਂ ਜੋ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਹੋ ਸਕੇ ਇਥੇ ਰਹਿਣ ਵਾਲੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਅਤੇ ਡਿਊਟੀ ਵਿੱਚ ਕੁਤਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਕੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਵਿੱਢਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਬਿਹਤਰੀਨ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਮੋਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ, ਕਮਿਸ਼ਨਰ ਨਗਰ ਨਿਗਮ ਮੋਹਾਲੀ ਸ੍ਰੀਮਤੀ ਨਵਜੋਤ ਕੌਰ, ਚੀਫ਼ ਟਾਊਨ ਪਲਾਨਰ ਪੰਜਾਬ  ਪੰਕਜ ਬਾਵਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here