ਚੈਅਰਮੈਨ ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ ਨੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 19 ਨਵੰਬਰ ( ਜੱਸੀ ਢਿੱਲੋਂ, ਮਿਅੰਕ ਜੈਨ) -ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ 15 ਨੁਕਾਤੀ ਪ੍ਰੋਗਰਾਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਵੱਧ ਤੋਂ ਵੱਧ ਲੋਕਾ ਨੂੰ ਜਾਗਰੁਕ ਕੀਤਾ ਜਾਵੇ ਕਿਉਂਕਿ ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਦੇ ਜਾਗਰੁਕ ਨਾਂ ਹੋਣ ਕਾਰਨ ਬਹੁਤੇ ਲੋੜਵੰਦ ਇਹਨਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ, ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ ਭਾਰਤ ਸਰਕਾਰ ਸ੍ਰੀ ਇਕਬਾਲ ਸਿੰਘ ਲਾਲਪੁਰਾ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਨਿਊ 15 ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਚੇਅਰਮੈਨ, ਇਕਬਾਲ ਸਿੰਘ ਲਾਲਪੁਰਾ ਨੇ ਵੱਖ ਵੱਖ ਧਾਰਮਿਕ ਆਗੂਆਂ ਨਾਲ਼ ਮੀਟਿੰਗ ਕਰਕੇ ਓਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਓਹਨਾਂ ਨੂੰ ਅਪੀਲ ਕੀਤੀ ਕਿ ਕਮਿਸ਼ਨ ਦੀਆਂ ਸਕੀਮਾਂ ਸਬੰਧੀ ਆਪਣੇ ਧਰਮ ਨਾਲ਼ ਸੰਬਦਤ ਲੋਕਾਂ ਨੂੰ ਜਾਣੂ ਕਰਾਉਣ। ਓਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਸਿੱਖਿਆ, ਭਾਸ਼ਾ ਅਤੇ ਰੁਜ਼ਗਾਰ ਦੇਣ ਲਈ 6000 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੌ ਘੱਟ ਗਿਣਤੀ ਦੇ ਬੇਘਰੇ ਲੋਕਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਸਕਣ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਮੱਦਦ ਕਰਨ ਲਈ ਵਜ਼ੀਫ਼ੇ ਦਿੱਤੇ ਜਾਂਦੇ ਹਨ। ਓਹਨਾਂ ਸਿੱਖਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋੜਵੰਦ ਵਿਦਿਆਰਥੀਆਂ ਨੂੰ ਇਸ ਸੰਬਧੀ ਜਾਗਰੁਕ ਕਰਕੇ ਸਮੇ ਸਿਰ ਅਪਲਾਈ ਕਰਵਾਇਆ ਜਾਵੇ ਤਾਂ ਜੌ ਕੋਈ ਵੀ ਲੋੜਵੰਦ ਵਿਦਿਆਰਥੀ ਕਮਿਸ਼ਨ ਵੱਲੋਂ ਵਜ਼ੀਫ਼ੇ ਤੋਂ ਵਾਂਝਾ ਨਾ ਰਹਿ ਸਕੇ। ਲਾਲਪੁਰਾ ਨੇ ਦੱਸਿਆ ਕਿ ਰੁਜ਼ਗਾਰ ਸ਼ੁਰੂ ਕਰਨ ਲਈ ਵੀ ਕਮਿਸ਼ਨ ਵੱਲੋਂ ਬਹੁਤ ਘੱਟ ਵਿਆਜ ਤੇ ਕਰਜੇ ਦਿੱਤੇ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਟ੍ਰੇਨਿੰਗ ਦੇਣ ਅਤੇ ਲੈਣ ਲਈ ਵੀ ਕਮਿਸ਼ਨ ਵੱਲੋਂ ਕਰਜੇ ਦਾ ਪ੍ਰਬੰਧ ਕੀਤਾ ਜਾਂਦਾ ਹੈ। ਓਹਨਾਂ ਦੱਸਿਆ ਕਿ ਬਾਹਰਲੇ ਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਵੀ 15 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਓਹਨਾਂ ਇਸ ਗੱਲ ਤੇ ਜੋਰ ਦਿੱਤਾ ਕਿ ਕਮਿਸ਼ਨ ਵੱਲੋਂ ਛਾਪੀ ਗਈ ਬੁੱਕਲੇਟ ਧਾਰਮਿਕ ਸਥਾਨਾ ਤੱਕ ਪਹੁੰਚਾਈ ਜਾਵੇ ਤਾਂ ਜੌ ਧਾਰਮਿਕ ਆਗੂ ਕਮਿਸ਼ਨ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੁਕ ਕਰਕੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਵਿੱਚ ਮੱਦਦ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਸਕੀਮਾਂ ਸਬੰਧੀ ਵੱਖਰਾ ਏਜੰਡਾ ਤਿਆਰ ਕਰਕੇ ਸਮੇਂ ਸਮੇਂ ਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾ ਨੂੰ ਜਾਗਰੁਕ ਕਰਕੇ ਇਹ ਸਕੀਮਾਂ ਨਾਲ ਜੋੜਿਆ ਜਾਵੇਗਾ ਤਾਂ ਜ਼ੋ ਘੱਟ ਗਿਣਤੀ ਧਰਮ ਨਾਲ਼ ਸੰਬਦਤ ਕੋਈ ਵੀ ਲੋੜਵੰਦ ਵਿਅਕਤੀ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ।ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਡ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰੀਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦਿਨੇਸ਼ ਵਸਿਸ਼ਟ, ਐਸ ਡੀ ਐਮ ਅਸ਼ੋਕ ਕੁਮਾਰ, ਐਸ ਡੀ ਐਮ ਹਰਪ੍ਰੀਤ ਸਿੰਘ ਅਟਵਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
