ਚੰਡੀਗੜ੍ਹ, 21 ਨਵੰਬਰ: ( ਰੋਹਿਤ ਗੋਇਲ, ਰਾਜਨ ਜੈਨ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ਅਤੇ ਵਿਕਾਸ ਕਾਰਜਾਂ ‘ਤੇ ਲਗਭਗ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਅੱਗ ਬੁਝਾਊ ਅਤੇ ਬਚਾਅ ਕਾਰਜਾਂ ਲਈ 50 ਮੀਟਰ ਤੋਂ ਵੱਧ ਉਚਾਈ ਵਾਲਾ ਹਾਈਡ੍ਰੌਲਿਕ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਕਰੀਬ 8.57 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਸ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਵੱਲੋਂ ਸੀਵਰੇਜ ਨਿਰੀਖਣ ਕੈਮਰੇ ਅਤੇ ਰੂਟ ਚੇਨ ਕਟਰ ਦੀ ਖਰੀਦ ਸਮੇਤ ਜੇ.ਸੀ.ਬੀ ਮਸ਼ੀਨਾਂ ਦੀ ਮੁਰੰਮਤ ਅਤੇ ਹੋਰ ਕਾਰਜਾਂ ‘ਤੇ ਕਰੀਬ 45.26 ਲੱਖ ਰੁਪਏ ਖਰਚ ਕੀਤੇ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਬਿਹਤਰ ਅਤੇ ਸੁਖਾਲਾ ਬਣਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਈ-ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ। ਉਹਨਾਂ ਇਹ ਵੀ ਦੱਸਿਆ ਕਿ ਜੇਕਰ ਇਹਨਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਸਬੰਧੀ ਵੇਰਵਾ ਉਪਰੋਕਤ ਵੈਬਸਾਈਟ ‘ਤੇ ਉਪਲਬਧ ਕਰਵਾਇਆ ਜਾਵੇਗਾ।ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।