– ਪਿੰਡਾਂ ਦਾ ਵਾਤਾਵਰਣ ਹਰਿਆ-ਭਰਿਆ ਬਣਾਉਣ ਲਈ 40 ਮਿੰਨੀ ਜੰਗਲਾਂ ਦਾ ਕੰਮ ਮੁਕੰਮਲ
ਫ਼ਤਿਹਗੜ੍ਹ ਸਾਹਿਬ, 22 ਨਵੰਬਰ:( ਬੌਬੀ ਸਹਿਜਲ, ਮਿਅੰਕ ਜੈਨ)-ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨੀ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਜਰੂਰਤ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹੇ ਦੇ 75 ਪਿੰਡਾਂ ਵਿੱਚ ਅੰਮ੍ਰਿਤ ਸਰੋਵਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚੋਂ 32 ਪਿੰਡਾਂ ਵਿੱਚ ਅੰਮ੍ਰਿਤ ਸਰੋਵਰ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਪਿੰਡਾਂ ਦਾ ਕੰਮ ਵੀ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅੰਮ੍ਰਿਤ ਸਰੋਵਰਾਂ ਵਿੱਚ ਬਰਸਾਤੀ ਪਾਣੀ ਨੂੰ ਰੀਚਾਰਜ ਕੀਤਾ ਜਾਵੇਗਾ ਤਾਂ ਜੋ ਉਹ ਪਾਣੀ ਹੋਰਨਾਂ ਲੋੜਾਂ ਲਈ ਵਰਤਿਆ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਪਿੰਡਾਂ ਦੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ 40 ਮਿੰਨੀ ਜੰਗਲ ਵੀ ਵਿਕਸਤ ਕੀਤੇ ਗਏ ਹਨ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਪਿੰਡਾਂ ਵਿੱਚ ਬਣਾਏ ਜਾ ਰਹੇ ਅੰਮ੍ਰਿਤ ਸਰੋਵਰਾਂ ਦੇ ਕੰਮਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਤਾਂ ਜੋ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਪਹਿਲੇ ਗੇੜ ਵਿੱਚ 03 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ ਹੁਣ 15 ਹੋਰ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕਲੀਨਿਕਾਂ ਦਾ ਲਾਭ ਹਾਸਲ ਹੋ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ 26 ਜਨਵਰੀ ਨੂੰ ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣੇ ਹਨ ਇਸ ਲਈ ਇਨ੍ਹਾਂ 15 ਆਮ ਆਦਮੀ ਕਲੀਨਿਕਾਂ ਦਾ ਕੰਮ 31 ਦਸੰਬਰ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਰਕਾਰ ਦੇ ਇਸ ਫੈਸਲੇ ਦਾ ਹਰੇਕ ਲੋੜਵੰਦ ਤੱਕ ਲਾਭ ਪਹੁੰਚਾਇਆ ਜਾ ਸਕੇ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤੀ ਵਰਤੀ ਜਾਵੇ ਅਤੇ ਇਸ ਦੀ ਵਰਤੋਂ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ ਤਾਂ ਜੋ ਜ਼ਿਲ੍ਹੇ ਵਿੱਚ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੇ ਮੁਕੰਮਲ ਰੋਕ ਲਗਾਈ ਜਾ ਸਕੇ। ਉਨ੍ਹਾਂ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਅਣ-ਅਧਿਕਾਰਤ ਕਲੌਨੀਆਂ ਵਿਕਸਤ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਜ਼ਿਲ੍ਹੇ ਵਿੱਚ ਵਿਕਸਤ ਅਣ-ਅਧਿਕਾਰਤ ਕਲੌਨੀਆਂ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਕੀਤੀ ਜਾਣ ਵਾਲੇ ਸਰਵੇ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਜਿਥੇ ਵੀ ਡੇਂਗੂ ਦਾ ਲਾਰਵਾ ਮਿਲਦਾ ਹੈ ਉਨ੍ਹਾਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮੱਛਰ ਮਾਰਨ ਵਾਲੀ ਦਵਾਈ ਦਾ ਵੱਧ ਤੋਂ ਵੱਧ ਸਪਰੇਅ ਕਰਵਾਇਆ ਜਾਵੇ ਤਾਂ ਜ਼ੋ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਐਸ.ਡੀ.ਐਮ. ਖਮਾਣੋਂ ਪਰਨੀਤ ਕਾਲੇਕਾ, ਐਸ.ਡੀ.ਐਮ. ਬਸੀ ਪਠਾਣਾ ਅਸ਼ੋਕ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਅਮਲੋਹ ਗੁਰਵਿੰਦਰ ਸਿੰਘ ਜੋਹਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ