Home ਪਰਸਾਸ਼ਨ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ...

ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ: ਪਰਨੀਤ ਸ਼ੇਰਗਿੱਲ

60
0

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 25 ਨਵੰਬਰ: ( ਅਸ਼ਵਨੀ, ਮਿਅੰਕ ਜੈਨ) – ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬਸੀ ਪਠਾਣਾ ਬਲਾਕ ਦੇ ਪਿੰਡ ਨੰਦਪੁਰ ਕਲੌੜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਐਲੀਮੈਂਟਰੀ ਸਕੂਲ, ਪ੍ਰਾਇਮਰੀ ਸਿਹਤ ਕੇਂਦਰ ਦਾ ਜਾਇਜ਼ਾ ਲੈਣ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਖਰੜ ਦੇ ਐਸ.ਟੀ.ਪੀ. ਦਾ ਗੰਦਾ ਪਾਣੀ ਪਿੰਡ ਵਿੱਚ ਇਕੱਠਾ ਹੋਣ ਸਬੰਧੀ ਵੀ ਵੇਰਵੇ ਇਕੱਤਰ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਪਿੰਡ ਨੰਦਪੁਰ ਕਲੌੜ ਵਿਖੇ ਆਏ ਹਨ ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਦੇ ਘਰਾਂ ਨੇੜੇ ਜਾ ਕੇ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਨੰਦਪੁਰ ਕਲੌੜ ਵਿਖੇ ਜੋ ਬੇਘਰੇ ਲੋਕਾਂ ਨੂੰ ਪੱਕਾ ਮਕਾਨ ਬਣਾ ਕੇ ਦੇਣ ਦੀ ਸਕੀਮ ਚੱਲ ਰਹੀ ਹੈ, ਉਸ ਅਧੀਨ ਯੋਗ ਪਰਿਵਾਰਾਂ ਨੂੰ ਬਣਦੀ ਮਾਲੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਖਰੜ ਐਸ.ਟੀ.ਪੀ. ਦਾ ਗੰਦਾ ਪਾਣੀ ਇਕੱਠਾ ਹੋਣ ਦੇ ਮਾਮਲੇ ਦੇ ਹੱਲ ਬਾਰੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨੂੰ ਰਿਪੋਰਟ ਭੇਜੀ ਜਾਵੇਗੀ ਤਾਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਨੰਦਪੁਰ ਕਲੌੜ ਵਿਖੇ ਜੋ ਕੈਨਾਲ ਵਾਟਰ ਪ੍ਰੋਜੈਕਟ ਦਾ ਕੰਮ ਚੱਲ ਰਿਹਾ ਹੈ ਉਹ ਕੰਮ ਮੁਕੰਮਲ ਹੋਣ ਤੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੇ ਆਮ ਲੋਕਾਂ ਵਿੱਚ ਸੁਖਾਲੇ ਸਬੰਧ ਬਣਦੇ ਹਨ ਅਤੇ ਲੋਕ ਆਪਣੀਆਂ ਸਮੱਸਿਆਵਾਂ ਬਿਨਾਂ ਕਿਸੇ ਝਿਜਕ ਤੋਂ ਦੱਸ ਸਕਣਗੇ।
ਪਿੰਡ ਵਿਚਲੇ ਪ੍ਰਾਇਮਰੀ ਸਿਹਤ ਕੇਂਦਰ ਦਾ ਦੌਰਾ ਕਰਨ ਮੌਕੇ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ 15 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ  ਰਹੇ ਹਨ ਜਿਨ੍ਹਾਂ ਵਿੱਚ ਆਮ ਲੋਕਾਂ ਨੂੰ ਮੁਫਤ ਦਵਾਈਆਂ ਦੇਣ ਤੋਂ ਇਲਾਵਾ ਮੁਫਤ ਟੈਸਟ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਸ ਉਪਰਾਲੇ ਨੂੰ ਸੂਬੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਆ ਕੇ ਇਨ੍ਹਾਂ ਤੋਂ  ਲਾਭ ਉਠਾ ਰਹੇ ਹਨ। ਉਨ੍ਹਾਂ ਸਿਹਤ ਕੇਂਦਰ ਦੇ ਐਸ.ਐਮ.ਓ. ਡਾ: ਭੁਪਿੰਦਰ ਸਿੰਘ ਨੂੰ ਕਿਹਾ ਕਿ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਸਿਹਤ ਕੇਂਦਰ ਵਿੱਚ ਹੀ ਢੁਕਵੀਂ ਥਾਂ ਦੀ ਚੋਣ ਕੀਤੀ ਜਾਵੇ ਤਾਂ ਜੋ ਪਿੰਡ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਦੂਰ ਨਾ ਜਾਣਾ ਪਵੇ। ਉਨ੍ਹਾਂ ਹਸਪਤਾਲ ਦੇ ਡਾਕਟਰਾਂ ਤੇ ਹੋਰ ਸਟਾਫ ਤੋਂ ਹਸਪਤਾਲ ਵਿਚਲੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਪਿੰਡ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਦੌਰੇ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਪੜਾਉਣ ਦੇ ਆਧੁਨਿਕ ਤਰੀਕਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹੀ ਖੇਤਰ ਮੰਨਦੇ ਹੋਏ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਛੇਤੀ ਹੀ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੀਆਂ ਚੁਣੋਤੀਆਂ ਲਈ ਵੀ ਤਿਆਰ ਕੀਤਾ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਭਵਿੱਖ ਵਿੱਚ ਉਚ ਆਹੁਦੇ ਹਾਸਲ ਕਰ ਸਕਣ।ਇਸ ਮੌਕੇ ਐਸ.ਡੀ.ਐਮ. ਬਸੀ ਪਠਾਣਾ ਅਸ਼ੋਕ ਕੁਮਾਰ, ਤਹਿਸੀਲਦਾਰ ਸ਼੍ਰੀ ਅਵਤਾਰ ਸਿੰਘ, ਪਿੰਡ ਦੇ ਸਰਪੰਚ ਮਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜਰ ਸਨ।

LEAVE A REPLY

Please enter your comment!
Please enter your name here