ਅਮਲੋਹ, 25 ਨਵੰਬਰ: ( ਰੋਹਿਤ ਗੋਇਲ, ਰਾਜਨ ਜੈਨ) -ਜੈਵਿਕ ਖੇਤੀ ਅੱਜ ਦੇ ਸਮੇਂ ਦੀ ਮੁੱਖ ਮੰਗ ਹੈ ਕਿਉਂਕਿ ਜਿਸ ਤੇਜੀ ਨਾਲ ਕੀਟ ਨਾਸ਼ਕ ਅਤੇ ਸਪਰੇਅ ਦੀ ਵਰਤੋਂ ਕੀਤੀ ਜਾ ਰਹੀ ਹੈ ਉਹ ਮਨੁੱਖੀ ਸਿਹਤ ਲਈ ਬਹੁਤ ਖ਼ਤਰਨਾਕ ਹੈ। ਜੈਵਿਕ ਖੇਤੀ ਦੀ ਮਹੱਤਤਾ ਨੂੰ ਵੇਖਦੇ ਹੋਏ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅਮਲੋਹ ਬਲਾਕ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦੇ ਅਗਾਂਹਵਧੂ ਕਿਸਾਨ ਰਣਧੀਰ ਸਿੰਘ ਦੇ ਖੇਤ ਵਿੱਚ ਫਾਰਮ ਸਕੂਲ ਖੋਲਿਆ ਗਿਆ ਹੈ ਜਿਸ ਵਿੱਚ ਜੈਵਿਕ ਖੇਤੀ ਨਾਲ ਫਸਲਾਂ ਬੀਜੀਆਂ ਜਾਂਦੀਆਂ ਹਨ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ: ਕੁਲਵਿੰਦਰ ਸਿੰਘ ਨੇ ਫਾਰਮ ਸਕੂਲ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਅਗਾਂਹਵਧੂ ਕਿਸਾਨ ਰਣਧੀਰ ਸਿੰਘ ਪਿਛਲੇ 10 ਸਾਲਾਂ ਤੋਂ 13 ਏਕੜ ਰਕਬੇ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਗੈਰ ਖੇਤੀ ਕਰ ਰਿਹਾ ਹੈ ਅਤੇ ਇਹ ਕਿਸਾਨ 5 ਏਕੜ ਵਿੱਚ ਜੈਵਿਕ ਖੇਤੀ ਕਰਦਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਦੀ ਮਹੱਤਤਾ ਨੂੰ ਸਮਝਦੇ ਹੋਏ ਇਹ ਕਿਸਾਨ ਸਰ੍ਹੋਂ, ਸੋਇਆਬੀਨ, ਹਲਦੀ, ਕਾਲੀ ਕਣਕ, ਮੂੰਗੀ, ਮਾਂਹ, ਛੋਲੇ, ਕੋਦਰਾ ਅਤੇ ਬਾਸਮਤੀ ਦੀ ਖੇਤੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਫਾਰਮ ਸਕੂਲ ਖੋਲਣ ਦਾ ਮੁੱਖ ਮੰਤਵ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਪ੍ਰੇਰਿਤ ਕਰਨਾ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਸ਼੍ਰੀ ਗੁਰਪ੍ਰੇਮ ਸਿੰਘ ਬੇਦੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਵੱਖ-ਵੱਖ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ/ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਰਲਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਹੀ ਵਾਹੁਣ ਨਾਲ ਵਾਤਾਵਰਣ ਦੂਸ਼ਿਤ ਹੋਣ ਤੋਂ ਬਚੇਗਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸ਼੍ਰੀ ਜਤਿੰਦਰ ਸਿੰਘ ਨੇ ਕਿਸਾਨਾਂ ਨੂੰ ਬੇਲੋੜੇ ਖਰਚੇ ਘਟਾਂ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪ੍ਰੇਰਤ ਕੀਤਾ। ਉਨ੍ਹਾਂ ਦੱਸਿਆ ਕਿ ਫਾਰਮ ਸਕੂਲ ਦੇ 4-5 ਸ਼ੈਸਨ ਹੋਰ ਲਗਾਏ ਜਾਣਗੇ ਜਿਸ ਵਿੱਚ ਕਿਸਾਨਾਂ ਨੂੰ ਸਮੇਂ-ਸਮੇਂ ਸਿਰ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਉਪ ਨਿਰੀਖਕ ਅਮਲੋਹ ਸ਼੍ਰੀ ਰਮਨਦੀਪ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸਰ ਅਜੇ ਕੁਮਾਰ ਨੇ ਕਿਸਾਨਾਂ ਨੂੰ ਮਿੱਟੀ ਪਾਣੀ ਦੀ ਪਰਖ ਸਬੰਧੀ ਦੱਸਿਆ ਅਤੇ ਫਸਲਾਂ ਵਿੱਚ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਅਗਾਂਹਵਧੂ ਕਿਸਾਨ ਰਣਧੀਰ ਸਿੰਘ ਨੇ ਜੈਵਿਕ ਖੇਤੀ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਨਵਪ੍ਰੀਤ ਸਿੰਘ, ਕਿਰਨਜੀਤ ਕੌਰ, ਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ।
