Home crime ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਜਲੰਧਰ ਨਾਲ ਮਿਲੀਭੁਗਤ ਕਰਨ ਵਾਲੇ 3...

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਜਲੰਧਰ ਨਾਲ ਮਿਲੀਭੁਗਤ ਕਰਨ ਵਾਲੇ 3 ਭਗੌੜੇ ਏਜੰਟ ਗ੍ਰਿਫ਼ਤਾਰ

58
0

(ਵਪਾਰਕ ਵਾਹਨਾਂ ਲਈ ਰਿਸ਼ਵਤਾਂ ਲੈ ਕੇ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ ਵਿੱਚ ਦੋਸ਼ੀ)

ਚੰਡੀਗੜ੍ਹ, 28 ਨਵੰਬਰ ( ਰਾਜੇਸ਼ ਜੈਨ, ਭਗਵਾਨ ਭੰਗੂ)-: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਜਲੰਧਰ ਨਰੇਸ਼ ਕਲੇਰ ਦੀ ਮਿਲੀਭੁਗਤ ਨਾਲ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਮੋਟੀਆਂ ਰਿਸ਼ਵਤਾਂ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ/ਪ੍ਰਾਪਤ ਕਰਨ ਵਾਲੇ 3 ਭਗੌੜੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਿਊਰੋ ਨੇ ਸਾਰੇ ਮੁਲਜ਼ਮਾਂ ਦੇ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਏ ਹਨ ਅਤੇ ਇਸ ਕੇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਇਹਨਾਂ ਨੂੰ ਡਾਟਾ ਮਾਹਿਰਾਂ ਕੋਲ ਭੇਜਿਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੰਕਜ ਢੀਂਗਰਾ ਉਰਫ਼ ਭੋਲੂ ਵਾਸੀ ਨਿਊ ਕੈਲਾਸ਼ ਨਗਰ, ਸੋਡਲ ਰੋਡ ਜਲੰਧਰ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਵਾਸੀ ਕ੍ਰਿਸ਼ਨਾ ਨਗਰ, ਜਲੰਧਰ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਵਾਸੀ ਉਪਕਾਰ ਨਗਰ, ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਬਾਰੇ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਪ੍ਰਾਈਵੇਟ ਏਜੰਟਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ ‘ਤੇ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 6 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here