ਜਿਲ੍ਹੇ ਦੇ 997 ਕੈਂਸਰ ਤੋਂ ਪੀੜਤਾਂ ਨੂੰ ਕਰੀਬ 11 ਕਰੋੜ ਦੀ ਮਾਲੀ ਸਹਾਇਤਾ ਜਾਰੀ
ਫਤਹਿਗੜ੍ਹ ਸਾਹਿਬ , 30 ਨਵੰਬਰ ( ਸਤੀਸ਼ ਕੋਹਲੀ, ਜੱਸੀ ਢਿੱਲੋਂ)-ਸਰਕਾਰ ਵੱਲੋਂ ਖਸਰਾ ਅਤੇ ਰੁਬੇਲਾ ਨੂੰ 2023 ਵਿੱਚ ਮੁਕੰਮਲ ਖਤਮ ਕਰਨ ਲਈ ਟੀਚਾ ਮਿੱਥਿਆ ਗਿਆ ਹੈ। ਇਸ ਲਈ 0 ਤੋਂ ਪੰਜ ਸਾਲ ਤੱਕ ਦੇ ਬੱਚਿਆਂ ਲਈ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਖਸਰਾ ਤੇ ਰੁਬੇਲਾ ਦੇਖਣ ਵਿੱਚ ਤਾਂ ਸਧਾਰਣ ਬਿਮਾਰੀਆਂ ਲੱਗਣ ਤੋਂ ਬਾਅਦ ਕਈ ਤਰ੍ਹਾਂ ਦਿੱਕਤਾਂ ਆਉਂਦੀਆਂ ਹਨ, ਜਿਨ੍ਹਾਂ ਨਾਲ ਕਾਫੀ ਬੱਚਿਆਂ ਦੀ ਮੌਤ ਵੀ ਹੋ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਖਸਰਾ ਰੁਬੇਲਾਂ ਦੀ ਰੋਕਥਾਮ ਲਈ 95 ਫੀਸਦੀ ਟੀਕਾਕਰਨ ਹੋ ਚੁੱਕਿਆ ਹੈ ਅਤੇ ਇਸ ਟੀਚੇ ਨੂੰ 100 ਫੀਸਦੀ ਮੁਕੰਮਲ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰਾਂ ਵਿੱਚ ਕੌਂਸਲਰਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਂਗਣਵਾੜ੍ਹੀ ਸੈਂਟਰਾਂ ਤੇ ਵਰਕਰਾਂ ਦੁਆਰਾ ਬੱਚਿਆਂ ਦੇ ਈ.ਪੀ.ਆਈ. ਕਾਰਡ ਚੈਕ ਕੀਤੇ ਜਾਣ। ਉਨ੍ਹਾਂ ਨੂੰ ਇਮੂਨਾਈਜੇਸ਼ਨ ਸਡਿਊਲ ਮੁਤਾਬਕ ਟੀਕੇ ਲੱਗੇ ਹਨ, ਜਾਂ ਨਹੀਂ ਜੇਕਰ ਨਹੀਂ ਲੱਗੇ ਤਾਂ ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਝੂੰਗੀਆਂ ਝੌਪੜੀਆਂ ਤੇ ਬਸਤੀਆਂ ਵਿੱਚ ਕੈਂਪ ਲਗਾ ਕੇ ਟੀਕਾਕਰਨ ਮੁਕੰਮਲ ਕੀਤਾ ਜਾਵੇ ਤਾਂ ਜੋ 2023 ਤੱਕ ਇਸ ਬਿਮਾਰੀ ਤੋਂ ਮੁਕਤੀ ਪਾਈ ਜਾ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜਿਲ੍ਹੇ ਵਿੱਚ 997 ਕੈਂਸਰ ਤੋਂ ਪੀੜਤ ਰੋਗੀਆਂ ਨੂੰ ਮੁੱਖ ਮੰਤਰੀ ਰਾਹਤ ਕੋਸ ਫੰਡ ਵਿੱਚੋਂ 10 ਕਰੋੜ 86 ਲੱਖ 84 ਹਜਾਰ 406 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਅਧੀਨ ਸਰਕਾਰੀ ਹਸਪਤਾਲਾਂ ਵਿੱਚ 10705 ਮਰੀਜਾਂ ਦੇ ਇਲਾਜ ਤੇ 04 ਕਰੋੜ 51 ਲੱਖ 65 ਹਜਾਰ 900 ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 20 ਹਜਾਰ 338 ਵਿਅਕਤੀਆਂ ਤੇ 10 ਕਰੋੜ 31 ਲੱਖ 14 ਹਜਾਰ 250 ਰੁਪਏ ਖਰਚ ਕਰਕੇ ਇਲਾਜ ਕਰਾਇਆ ਗਿਆ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਜਣੇਪਾ ਕਰਾਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੱਚਾ ਬੱਚਾ ਸਿਹਤਮੰਦ ਅਤੇ ਵਧੇਰੇ ਸੁਰੱਖਿਅਤ ਹੋਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਲਈ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿੱਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲੇ ਦੁਕਾਨਦਾਰਾਂ,ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਣ ਕੀਤੇ ਜਾਣ।ਡਿਪਟੀ ਕਮਿਸ਼ਨਰ ਨੇ ਡੇਂਗੂ ਦੀ ਇਸ ਐਪੀਡੈਮਿਕ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਵਿਭਾਗਾਂ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕਰਨ ਅਤੇ ਇਸ ਕੰਮ ਵਿੱਚ ਇੱਕ ਦੂਜੇ ਨਾਲ ਸਹਿਯੋਗ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਡੇਂਗੂ ਸਬੰਧੀ ਆਪੋ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣਾ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਕੀਤੇ ਜਾਣ ਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਅਫੈਕਟਿਡ ਏਰੀਏ ਵਿਚ ਲਗਾਤਾਰ ਫੌਗਿੰਗ ਕਰਵਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ , ਦਿਨੇਸ਼ ਵਸ਼ਿਸ਼ਟ, ਸਿਵਲ ਸਰਜਨ ਡਾ ਵਿਜੇ ਕੁਮਾਰ,ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਰਜੇਸ਼ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੁਰਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਨਵਜੋਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।