ਫ਼ਤਹਿਗੜ੍ਹ ਸਾਹਿਬ, 2 ਦਸੰਬਰ: ( ਬੌਬੀ ਸਹਿਜਲ, ਧਰਮਿੰਦਰ)-ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਚਾਈਨੀਜ਼ ਡੋਰ ਤੇ ਲਗਾਈ ਗਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਡੋਰ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ ਨੇ ਆਪਣੇ ਦਫ਼ਤਰ ਵਿਖੇ ਸ਼ਹਿਰੀ ਪਤਵੰਤਿਆਂ ਤੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚਾਈਨੀਜ਼ ਡੋਰ ਜਿਥੇ ਮਨੁੱਖੀ ਸਿਹਤ ਲਈ ਖ਼ਤਰਨਾਕ ਹੈ ਉਥੇ ਹੀ ਇਸ ਬੇਜ਼ੁਬਾਨ ਪੰਛੀਆਂ ਤੇ ਵੀ ਘਾਤਕ ਅਸਰ ਪੈਂਦਾ ਹੈ ਅਤੇ ਇਸ ਡੋਰ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਡੋਰ ਤੇ ਲਗਾਈ ਗਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਸ਼ਹਿਰ ਦੇ ਦੁਕਾਨਦਾਰਾਂ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਇਸ ਡੋਰ ਦੀ ਵਿਕਰੀ ਬੰਦ ਕਰਨ ਲਈ ਕਿਹਾ ਗਿਆ ਹੈ।ਅਟਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਸਬ ਡਵੀਜ਼ਨ ਵਿੱਚ ਚਾਈਨੀਜ਼ ਡੋਰ ਦੀ ਵਰਤੋਂ ਅਤੇ ਵਿਕਰੀ ਸਬੰਧੀ ਚੈਕਿੰਗ ਕੀਤੀ ਜਾਵੇਗੀ ਅਤੇ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਇਸ ਡੋਰ ਨੂੰ ਵੇਚਦਾ ਪਾਇਆ ਗਿਆ ਤਾਂ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਇਸ ਡੋਰ ਤੇ ਲਗਾਈ ਗਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਪ੍ਰਸ਼ਾਸ਼ਨ ਨੁੰ ਸਹਿਯੋਗ ਦਿੱਤਾ ਜਾਵੇ ਅਤੇ ਜੇਕਰ ਕਿਸੇ ਦੁਕਾਨ ਵਿੱਚ ਇਹ ਡੋਰ ਪਈ ਹੈ ਜਾਂ ਗੋਦਾਮ ਵਿੱਚ ਡੋਰ ਸਟੋਰ ਕੀਤੀ ਗਈ ਹੈ ਤਾਂ ਉਸ ਨੂੰ ਤੁਰੰਤ ਹਟਾਇਆ ਜਾਵੇ।ਐਸ.ਡੀ.ਐਮ. ਨੇ ਕਿਹਾ ਕਿ ਚਾਈਨੀਜ਼ ਡੋਰ ਕਾਰਨ ਕਈ ਮਾਸੂਮ ਬੱਚਿਆਂ ਦੀਆਂ ਜਾਨ੍ਹਾਂ ਅਜਾਈਂ ਜਾ ਚੁੱਕੀਆਂ ਹਨ ਅਤੇ ਇਸ ਡੋਰ ਕਾਰਨ ਪੰਛੀ ਦਰਖ਼ਤਾਂ ਵਿੱਚ ਫਸ ਕੇ ਮਰ ਜਾਂਦੇ ਹਨ ਜਿਸ ਨਾਲ ਵਾਤਾਵਰਣ ਪ੍ਰਦੂਸ਼ਣ ਵੀ ਫੈਲਦਾ ਹੈ। ਇਸ ਲਈ ਇਸ ਡੋਰ ਤੇ ਲਗਾਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਦੇ ਆਮ ਆਦਮੀ ਪਾਰਟੀ ਦੇ ਆਹੁਦੇਦਾਰਾਂ ਸ਼੍ਰੀ ਗੌਰਵ ਅਰੋੜਾ, ਦੀਪਕ ਬਾਤਿਸ਼ ਅਤੇ ਆਸ਼ੀਸ਼ ਅੱਤਰੀ ਅਤੇ ਹੋਰ ਪਤਵੰਤਿਆਂ ਵੱਲੋਂ ਚਾਈਨੀਜ਼ ਡੋਰ ਨੂੰ ਪੂਰਨ ਤੌਰ ਤੇ ਬੰਦ ਕਰਨ ਦਾ ਮਾਮਲਾ ਲਿਆਂਦਾ ਗਿਆ ਸੀ ਜਿਸ ਕਾਰਨ ਸ਼ਹਿਰ ਦੇ ਪਤਵੰਤਿਆਂ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਚਾਈਨੀਜ਼ ਡੋਰ ਦੀ ਵਿਕਰੀ ਬੰਦ ਕਰਨ ਬਾਰੇ ਪਹਿਲਾਂ ਦੁਕਾਨਦਾਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਛੇਤੀ ਹੀ ਚਾਈਨੀਜ਼ ਡੋਰ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਨੋਟਿਸ ਵੀ ਭਿਜਵਾਏ ਜਾ ਰਹੇ ਹਨ ਤਾਂ ਜੋ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾ ਸਕੇ।