ਫ਼ਤਹਿਗੜ੍ਹ ਸਾਹਿਬ, 3 ਦਸੰਬਰ: ( ਰੋਹਿਤ ਗੋਇਲ)-ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਮਜਬੂਤ ਲੋਕਤੰਤਰ ਵਿੱਚ ਹਰੇਕ ਵਰਗ ਦਾ ਸਹਿਯੋਗ ਜਰੂਰੀ ਹੈ। ਇਸ ਲਈ ਰਾਜਸੀ ਪਾਰਟੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਹਰੇਕ ਯੋਗ ਨਾਗਰਿਕ ਦੀ ਵੋਟ ਬਣਵਾਈ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਹਰਪ੍ਰੀਤ ਸਿੰਘ ਅਟਵਾਲ ਨੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਇਹ ਵੀ ਕਿਹਾ ਕਿ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ 01 ਜਨਵਰੀ, 2023 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਵਾਈਆਂ ਜਾਣ।ਅਟਵਾਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਚਲਾਈ ਜਾ ਰਹੀ ਮੁਹਿੰਮ 8 ਦਸੰਬਰ ਤੱਕ ਚੱਲੇਗੀ ਇਸ ਲਈ 18-19 ਸਾਲ ਦੇ ਨੌਜਵਾਨਾਂ ਨੂੰ ਵੋਟ ਬਣਵਾਉਣ ਲਈ ਪ੍ਰੇਰਤ ਕਰਨ ਵਾਸਤੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨ ਚੋਣ ਕਮਿਸ਼ਨ ਦੀ ਵੈਬਸਾਈਟ ਐਨ.ਵੀ.ਐਸ.ਪੀ. ਜਾਂ ਵੋਟਰ ਹੈਲਪ ਲਾਈਨ ਐਪ ਰਾਹੀਂ ਵੀ ਆਨ ਲਾਈਨ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ 03 ਦਸੰਬਰ ਤੇ 04 ਦਸੰਬਰ ਨੂੰ ਬੂਥ ਲੈਵਲ ਤੇ ਕੈਂਪ ਲਗਾਏ ਜਾਣਗੇ।ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਕਿਹਾ ਕਿ ਉਹ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਉਨ੍ਹਾਂ ਨੂੰ ਸਹੀ ਵੋਟਾਂ ਬਣਾਉਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਲਈ ਕਿਹਾ ਜਾਵੇ। ਉਨ੍ਹਾਂ ਦੱਸਿਆ ਕਿ ਬੀ.ਐਲ.ਏ. ਇੱਕ ਸਮੇਂ ਵਿੱਚ 10 ਫਾਰਮ ਅਤੇ ਪੂਰੀ ਸੁਧਾਈ ਦੌਰਾਨ 30 ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਿਆਸੀ ਆਗੂਆਂ ਨੂੰ ਦਾਅਵੇ ਅਤੇ ਇਤਰਾਜਾਂ ਦੀ ਸੂਚੀ 9,10,11, 11-ਏ ਅਤੇ 11-ਬੀ ਦਿੱਤੇ ਗਏ ਹਨ ਜੋ ਕਿ ਚੋਣ ਕਮਿਸ਼ਨ ਦੀ ਵੈਬ ਸਾਈਟ ਤੇ ਵੇਖੀ ਜਾ ਸਕਦੀ ਹੈ।