– ਝੰਡਾ ਦਿਵਸ ਮੌਕੇ ਡੀ.ਸੀ. ਨੇ ਸਾਬਕਾ ਸੈਨਿਕਾਂ ਨੂੰ 65 ਹਜ਼ਾਰ ਦੀ ਮਾਲੀ ਸਹਾਇਤਾ ਦੇ ਦਿੱਤੇ ਚੈੱਕ
ਫ਼ਤਹਿਗੜ੍ਹ ਸਾਹਿਬ, 07 ਦਸੰਬਰ : ( ਰਾਜਨ ਜੈਨ)-ਦੇਸ਼ ਦੀ ਸੁਰੱਖਿਆ ਲਈ ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਜਿ਼ਲ੍ਹਾ ਪੱਧਰ ’ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ, ਇਸ ਦੀ ਸ਼ੁਰੂਆਤ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ ਨੂੰ ਫਲੈਗ ਲਾ ਕੇ ਕੀਤੀ। ਡਿਪਟੀ ਕਮਿਸ਼ਨਰ ਨੇ ਸੈਨਾ ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਫੌਜੀਆਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪਾਇਆ ਗਿਆ ਯੋਗਦਾਨ ਦੇਸ਼ ਦੇ ਸਮੂਹ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਦੇਸ਼ ਦੀ ਆਨ ਤੇ ਸ਼ਾਨ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਤੇ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਹਨਾਂ ਆਖਿਆ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫੰਡ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ ਸਹਾਇਤਾ ਲਈ ਦਿੱਤਾ ਗਿਆ ਦਾਨ ਸਹੀ ਅਰਥਾਂ ਵਿੱਚ ਪਰਉਪਕਾਰ ਵਾਲਾ ਕਾਰਜ ਹੈ ਕਿਉਂਕਿ ਇਸ ਦਾਨ ਰਾਸ਼ੀ ਵਿੱਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਇਸ ਮੌਕੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਝੰਡਾ ਦਿਵਸ ਫੰਡ ਵਿੱਚੋਂ 65 ਹਜ਼ਾਰ ਦੀ ਮਾਲੀ ਸਹਾਇਤਾ ਦੇ ਚੈੱਕ ਵੀ ਦਿੱਤੇ।ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ ਨੇ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਸੈਨਿਕ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਾਡੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਦਿਨ ਰਾਤ ਆਪਣੇ ਫਰਜ਼ ਨਿਭਾ ਰਹੇ ਹਨ ਉਸ ਤਰ੍ਹਾਂ ਸਾਨੂੰ ਵੀ ਝੰਡਾ ਦਿਵਸ ਮੌਕੇ ਵੱਧ ਤੋਂ ਵੱਧ ਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਝੰਡਾ ਦਿਵਸ ਮੌਕੇ ਦਿੱਤਾ ਗਿਆ ਦਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਖ਼ਰਚਿਆ ਜਾਂਦਾ ਹੈ ਜਿਸ ਵਿੱਚ ਸਾਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸੁਪਰਡੈਂਟ ਗੁਰਨਾਮ ਸਿੰਘ, ਮਨਪ੍ਰੀਤ ਕੌਰ, ਗੁਰਦੀਪ ਸਿੰਘ, ਕੁਲਵੰਤ ਸਿੰਘ, ਸੈਨਿਕ ਭਲਾਈ ਪ੍ਰਬੰਧਕ ਸ਼ੇਰ ਸਿੰਘ, ਪਰਮਜੀਤ ਕੌਰ, ਪਲਵਿੰਦਰ ਕੌਰ ਵੀ ਮੌਜੂਦ ਸਨ।