Home Political ਸੜਕਾਂ ਦੀ ਮੁਰੰਮਤ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ...

ਸੜਕਾਂ ਦੀ ਮੁਰੰਮਤ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਰਨੀਤ ਸ਼ੇਰਗਿੱਲ

46
0


ਫ਼ਤਹਿਗੜ੍ਹ ਸਾਹਿਬ, 8 ਦਸੰਬਰ: ( ਬੌਬੀ ਸਹਿਜਲ, ਧਰਮਿੰਦਰ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਸ਼ਹੀਦੀ ਸਭਾ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਸੜਕਾਂ ਦੇ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਸ਼ਹੀਦੀ ਸਭਾ ਸਬੰਧੀ ਕੀਤੀ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੰਮ ਦੇ ਮਿਆਰ ਵਿੱਚ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਤੇ ਸੜਕਾਂ ਦੀ ਮਾੜੀ ਹਾਲਤ ਵੇਖ ਕੇ ਗਲਤ ਪ੍ਰਭਾਵ ਪੈਂਦਾ ਹੈ ਇਸ ਲਈ ਸਬੰਧਤ ਅਧਿਕਾਰੀ ਸੜਕਾਂ ਦੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਣੀਆਂ ਸੜਕਾਂ ਦੇ ਕੰਮਾਂ ਦੀ ਗੁਣਵੱਤਾ ਦੀ ਜਾਂਚ ਕਰਨ ਵਾਸਤੇ ਸਮੂਹ ਮਾਲ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਮਾਲ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਸੜਕਾਂ ਦੇ ਕੰਮ ਦੀ ਗੁਣਵੱਤਾ ਦੀ ਜਾਂਚ ਕਰਕੇ ਤੁਰੰਤ ਰਿਪੋਰਟ ਦਿੱਤੀ ਜਾਵੇ ਤਾਂ ਜੋ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਕੰਮਾਂ ਵਿੱਚ ਕੋਤਾਹੀ ਵਿਖਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਸੜਕਾਂ ਕਿਨਾਰੇ ਲੱਗੀਆਂ ਲਾਈਟਾਂ ਨੂੰ ਹਰ ਹਾਲਤ ਵਿੱਚ ਚਲਦਾ ਰੱਖਿਆ ਜਾਵੇ ਤਾਂ ਜੋ ਰਾਤ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਸੜਕ ਦੀ ਮੁਰਮੰਤ ਹੋਣ ਯੋਗ ਹੈ ਉਸ ਦਾ ਕੰਮ ਵੀ ਸ਼ਹੀਦੀ ਸਭਾ ਤੋਂ ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੇ ਸਦਰ ਮੁਕਾਮ ਤੋਂ 15 ਕਿਲੋਮੀਟਰ ਆਲੇ ਦੁਆਲੇ ਦੀਆਂ ਸੜਕਾਂ ਸ਼ਹੀਦੀ ਸਭਾ ਤੋਂ ਪਹਿਲਾਂ ਪੂਰੀ ਤਰ੍ਹਾਂ ਤਿਆਰ ਹੋਣੀਆਂ ਚਾਹੀਦੀਆਂ ਹਨ ਅਤੇ ਜੇਕਰ ਇਸ ਵਿੱਚ ਦੇਰੀ ਹੋਈ ਤਾਂ ਸਬੰਧਤ ਅਧਿਕਾਰੀ ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਸ਼ਹੀਦੀ ਸਭਾ ਵਿੱਚ ਦੁਨੀਆਂ ਦੇ ਕੋਨੇ ਕੋਨੇ ਵਿੱਚੋਂ ਸੰਗਤ ਨਤਮਸਤਕ ਹੋਣ ਲਈ ਪੁੱਜਦੀ ਹੈ ਅਤ ਸੰਗਤ ਦੀ ਸਹੂਲਤ ਵਿੱਚ ਕੋਈ ਘਾਟ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੀ.ਟੀ.ਰੋਡ ਅਤੇ ਹੋਰ ਪ੍ਰਮੁੱਖ ਸੜਕਾਂ ਤੇ ਬਣਾਏ ਗਏ ਅਣਅਧਿਕਾਰਤ ਕੱਟਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਦਿਨੇਸ਼ ਵਸ਼ਿਸ਼ਟ, ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਬਸੀ ਪਠਾਣਾ ਅਸ਼ੋਕ ਕੁਮਾਰ, ਐਸ.ਡੀ.ਐਮ. ਅਮਲੋਹ ਗੁਰਵਿੰਦਰ ਸਿੰਘ ਜੋਹਲ, ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਬਾਦਲਦੀਨ ਅਤੇ ਤਹਿਸੀਲਦਾਰ ਅਮਲੋਹ ਅੰਕਿਤਾ ਅਗਰਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

LEAVE A REPLY

Please enter your comment!
Please enter your name here